ਚੰਡੀਗੜ੍ਹ, 18 ਜੂਨ 2025: ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਆਨਲਾਈਨ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ‘ਚ ਹੁਣ ਦੇਰੀ ਕਰਨ ਵਾਲੇ ਕਰਮਚਾਰੀਆਂ ‘ਤੇ ਨਜ਼ਰ ਰੱਖੀ ਜਾਵੇਗੀ। ਇਸਦੇ ਨਾਲ ਹੀ ਜਾਣਬੁੱਝ ਕੇ ਕੰਮ ‘ਚ ਦੇਰੀ ਕਰਨ ਵਾਲੇ ਕਰਮਚਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ | ਇਹ ਹੁਕਮ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਹਨ।
ਇਨ੍ਹਾਂ ਹੁਕਮਾਂ ਸੰਬੰਧੀ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਦਿੱਤੀ ਗਈ ਹੈ। ਅਮਨ ਅਰੋੜਾ ਸੈਕਟਰ-26, ਚੰਡੀਗੜ੍ਹ ‘ਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਲੋਕਾਂ ਨੂੰ ਨਿਰਧਾਰਤ ਸਮੇਂ ‘ਚ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪੱਧਰ ‘ਤੇ ਗੱਲਬਾਤ ਕਰਦਿਆਂ ਪਠਾਨਕੋਟ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ ਰਿਹਾ ਹੈ।
ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਕਈ ਵਿਭਾਗਾਂ ਦੀਆਂ ਸੇਵਾਵਾਂ ਹੁਣ ਔਨਲਾਈਨ ਹੋ ਗਈਆਂ ਹਨ, ਜਿਨ੍ਹਾਂ ‘ਚ ਮਾਲੀਆ, ਬੱਸ ਸੇਵਾ ਅਤੇ ਹੋਰ ਸੇਵਾਵਾਂ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ‘ਚ ਸੇਵਾ ਕੇਂਦਰਾਂ ਅਤੇ ਕਾਊਂਟਰਾਂ ਦੀ ਗਿਣਤੀ ਵਧਾਈ ਜਾਵੇਗੀ। ਇਸ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਿਛਲੇ ਸਾਲ ਕੇਂਦਰ ਸਰਕਾਰ ਵੱਲੋਂ ਆਪਣੀਆਂ ਬਿਹਤਰ ਸੇਵਾਵਾਂ ਕਾਰਨ ਸਨਮਾਨਿਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਚ, ਸਰਪੰਚ, ਐਮ.ਸੀ., ਪਟਵਾਰੀ ਅਤੇ ਸਾਰੇ ਅਧਿਕਾਰੀ ਔਨਲਾਈਨ ਹੋ ਗਏ ਹਨ।
Read More: ਨਵੀਂ ਪਾਲਿਸੀ ਲੈਂਡ ਪੂਲਿੰਗ ਨੀਤੀ ਨੂੰ ਮਿਲੀ ਮਨਜ਼ੂਰੀ, ਕੈਬਨਿਟ ਮੀਟਿੰਗ ‘ਚ ਲਿਆ ਗਿਆ ਫੈਸਲਾ