ਚੰਡੀਗੜ੍ਹ, 26 ਜੁਲਾਈ 2024: ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਬੈਠਕ ਕਰਕੇ ਡਾਇਰੀਆ ਨੂੰ ਫੈਲਣ ਤੋਂ ਰੋਕਣ ਦੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਨੁਰਾਗ ਵਰਮਾ ਨੇ ਸਪੱਸ਼ਟ ਕੀਤਾ ਕਿ ਸੂਬੇ ਦੇ ਹਰ ਵਸਨੀਕ ਦੀ ਸਿਹਤ ਸੰਭਾਲ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਇਸ ਮਾਮਲੇ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਨਵਾਂ ਸੈਂਪਲ ਫੇਲ ਹੁੰਦਾ ਹੈ ਤਾਂ ਸਬੰਧਤ ਖੇਤਰ ‘ਚ ਜਲ ਸਪਲਾਈ (Water supply) ਲਈ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਦੇ ਸੈਂਪਲ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖਰੀਦ ਲਈ ਵੱਡੇ ਜ਼ਿਲ੍ਹਿਆਂ ਲਈ 2 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਲਈ 1 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਰਕਾਰ ਨੇ ਟੈਸਟਿੰਗ ਕਿੱਟਾਂ ਲਈ ਕੁੱਲ 25 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਬੈਠਕ ‘ਚ ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਸਾਰੇ ਖੇਤਰਾਂ ‘ਚ ਸਾਫ਼, ਗੰਦਗੀ ਰਹਿਤ ਪਾਣੀ ਦੀ ਸਪਲਾਈ (Water supply) ਸਬੰਧੀ ਸਰਟੀਫਿਕੇਟ ਪ੍ਰਾਪਤ ਕਰ ਲਏ ਗਏ ਹਨ। ਵਰਮਾ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਪੀਣ ਲਈ ਉਪਲਬੱਧ ਪਾਣੀ 100 ਫੀਸਦੀ ਸਾਫ਼ ਹੋਵੇ ਅਤੇ ਜੇਕਰ ਕਿਤੇ ਵੀ ਪਾਣੀ ਦੂਸ਼ਿਤ ਪਾਇਆ ਗਿਆ ਤਾਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪਾਣੀ ਦੇ ਸੈਂਪਲਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਹੁਣ ਵੱਡੇ ਸ਼ਹਿਰਾਂ ‘ਚ 400, ਦਰਮਿਆਨੇ ਸ਼ਹਿਰਾਂ ‘ਚ 300 ਅਤੇ ਛੋਟੇ ਸ਼ਹਿਰਾਂ ‘ਚ 200 ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 17 ਜੁਲਾਈ ਤੋਂ ਬਾਅਦ ਸੂਬੇ ‘ਚ ਇੱਕ-ਦੋ ਥਾਵਾਂ ਨੂੰ ਛੱਡ ਕੇ ਕਿਤੇ ਵੀ ਕੋਈ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਕੋਈ ਵੀ ਨਵਾਂ ਕੇਸ ਸਾਹਮਣੇ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਮੁੱਖ ਸਕੱਤਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪੇਂਡੂ ਖੇਤਰਾਂ ‘ਚ ਵੀ ਇਹੀ ਪ੍ਰਕਿਰਿਆ ਅਪਣਾਉਣ।
ਵਰਮਾ ਨੇ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ 10 ਲੱਖ ਤੋਂ ਵੱਧ ਕਲੋਰੀਨ ਦੀਆਂ ਗੋਲੀਆਂ ਉਪਲਬੱਧ ਕਰਵਾਈਆਂ ਗਈਆਂ ਹਨ। ਜ਼ਿਲ੍ਹਿਆਂ ਨੂੰ ਲੋੜ ਪੈਣ ’ਤੇ ਹੋਰ ਦਵਾਈਆਂ ਦਾ ਪ੍ਰਬੰਧ ਕਰਨ ਲਈ ਕਿਹਾ ਗਿਆ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਰੋਜ਼ਾਨਾ ਸਥਿਤੀ ਦੀ ਨਿਗਰਾਨੀ ਕਰਨ ਅਤੇ ਉਪਰੋਕਤ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ।