ਚੰਡੀਗੜ੍ਹ, 19 ਅਕਤੂਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਅਹਿਮ ਬੈਠਕ ਕੀਤੀ | ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਝੋਨੇ (Paddy) ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਕੀਤੇ ਪ੍ਰਬੰਧਾਂ ਬਾਰੇ ਕਿਸਾਨਾਂ ਆਗੂਆਂ ਨੂੰ ਜਾਣੂੰ ਕਰਵਾਇਆ ਹੈ | ਸੀਐੱਮ ਮਾਨ ਨੇ ਕਿਹਾ ਕਿ ਉਹ ਖ਼ੁਦ ਝੋਨੇ ਦੀ ਖਰੀਦ ਸੰਬੰਧੀ ਮੰਡੀਆਂ ‘ਚੋਂ ਰੋਜ਼ਾਨਾ ਰਿਪੋਰਟ ਲੈ ਰਹੇ ਹਨ |
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ (Paddy) ਦੀ ਖਰੀਦ ਨੂੰ ਨਿਰਵਿਘਨ ਯਕੀਨੀ ਬਣਾਉਣ ਲਈ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ | ਝੋਨੇ ਦੀ ਖਰੀਦ ‘ਚ ਵਿਘਨ ਪਾ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨ ਵਾਲੀਆਂ ਧਿਰਾਂ ਨਾਲ ਸਰਕਾਰ ਸਖ਼ਤੀ ਨਾਲ ਨਜਿੱਠੇਗੀ | ਇਸ ਮੌਕੇ ਕਿਸਾਨ ਆਗੂਆਂ ਨੇ ਮੰਡੀਆਂ ‘ਚ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਦੱਸਿਆ |
ਪੰਜਾਬ ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦੀ MSP ‘ਤੇ ਵਿਕੇਗੀ ਅਤੇ ਕਿਸਾਨਾਂ ਨੂੰ MSP ਤੋਂ ਘੱਟ ਰੇਟ ‘ਤੇ ਝੋਨਾ ਵੇਚਣ ਲਈ ਮਜਬੂਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਦ ਜੋਸ਼ੀ ਨੂੰ ਮਿਲ ਕੇ ਸਮੁੱਚੀ ਜਾਣਕਾਰੀ ਦਿੱਤੀ ਹੈ |
ਪੰਜਾਬ ਸਰਕਾਰ ਮੁਤਾਬਕ ਹੁਣ ਤੱਕ ਚਾਲੂ ਖਰੀਦ ਸੀਜ਼ਨ ਦੌਰਾਨ ਬੀਤੀ ਦੇਰ ਸ਼ਾਮ ਤੱਕ ਪੰਜਾਬ ਦੀਆਂ ਮੰਡੀਆਂ ‘ਚ ਕੁੱਲ 18,31,588 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ | ਇਨ੍ਹਾਂ ‘ਚੋਂ 90 ਫੀਸਦੀ ਯਾਨੀ 16,37,517 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ | ਹੁਣ ਤੱਕ ਪੰਜਾਬ ਦੇ ਕਿਸਾਨਾਂ ਦੇ ਖਾਤਿਆਂ ‘ਚ ਕਰੀਬ 3000 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਝੋਨਾ ਖਰੀਦਣ ਵਾਲੀ ਕਿਸੇ ਵੀ ਧਿਰ ਨੂੰ ਬਲੈਕਮੇਲਿੰਗ ਨਹੀਂ ਕਰਨ ਦਿੱਤੀ ਜਾਵੇਗੀ | ਜੇਕਰ ਲੋੜ ਪਈ ਤਾਂ ਸਰਕਾਰ ਦੂਜੇ ਸੂਬਿਆਂ ਤੋਂ ਮਿਲਿੰਗ ਕਰਵਾਉਣ ਦਾ ਸਖ਼ਤ ਫੈਸਲਾ ਲੈਣ ਤੋਂ ਪਿੱਛੇ ਨਹੀਂ ਹਟੇਗੀ | ਕਿਸਾਨਾਂ ਦੇ ਹਿੱਤ ਕਿਸੇ ਕੀਮਤ ‘ਤੇ ਪ੍ਰਭਾਵਿਤ ਨਹੀਂ ਹੋਣ ਦਿੱਤੇ ਜਾਣਗੇ |