ਅੰਮ੍ਰਿਤਸਰ, 09 ਮਈ 2025: ਅੰਮ੍ਰਿਤਸਰ ਪ੍ਰਸ਼ਾਸਨ ਨੇ ਰਾਤ ਦੇ ਬਲੈਕਆਊਟ (Blackout) ਦੇ ਸਰਕਾਰੀ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਪੱਸ਼ਟ ਕੀਤਾ ਹੈ ਕਿ ਜ਼ਿਲ੍ਹੇ ਦੇ ਸਾਰੇ ਵਪਾਰਕ ਅਦਾਰਿਆਂ, ਹੋਟਲਾਂ ਅਤੇ ਰੈਸਟੋਰੈਂਟਾਂ ਲਈ ਰਾਤ ਨੂੰ ਪੂਰੀ ਤਰ੍ਹਾਂ ਬਲੈਕਆਊਟ ਕਰਨਾ ਲਾਜ਼ਮੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਬੰਧ ਸਿਵਲ ਡਿਫੈਂਸ ਐਕਟ, 1968 ਤਹਿਤ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੀ ਸੰਭਾਵੀ ਖ਼ਤਰੇ ਜਾਂ ਐਮਰਜੈਂਸੀ ਨੂੰ ਟਾਲਣ ਲਈ ਲਾਗੂ ਕੀਤਾ ਗਿਆ ਹੈ। ਪਰ ਹਾਲ ਹੀ ‘ਚ ਇਹ ਪਾਇਆ ਗਿਆ ਹੈ ਕਿ ਬਹੁਤ ਸਾਰੇ ਅਦਾਰੇ ਇਨ੍ਹਾਂ ਆਦੇਸ਼ਾਂ (Blackout) ਨੂੰ ਨਜ਼ਰਅੰਦਾਜ਼ ਕਰ ਰਹੇ ਹਨ, ਜੋ ਸੁਰੱਖਿਆ ਪ੍ਰਣਾਲੀ ਲਈ ਖ਼ਤਰਾ ਪੈਦਾ ਕਰ ਸਕਦੇ ਹਨ।
ਇਸ ਸਬੰਧ ‘ਚ ਜ਼ਿਲ੍ਹਾ ਆਬਕਾਰੀ ਅਤੇ ਕਰ ਕਮਿਸ਼ਨਰ ਨੂੰ ਵਿਸ਼ੇਸ਼ ਤੌਰ ‘ਤੇ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤਰੀ ਪੱਧਰ ‘ਤੇ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੇ ਸਬੰਧਤ ਅਦਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਡੀਸੀ ਸਾਹਨੀ ਨੇ ਚੇਤਾਵਨੀ ਦਿੱਤੀ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਦਾਰਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਜੇਕਰ ਉਨ੍ਹਾਂ ਨੂੰ ਕਿਤੇ ਵੀ ਨਿਯਮਾਂ ਦੀ ਉਲੰਘਣਾ ਦਿਖਾਈ ਦਿੰਦੀ ਹੈ ਤਾਂ ਉਹ ਇਸ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕਰਨ।
Read More: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ‘ਚ ਬਲੈਕਆਊਟ ਦੇ ਹੁਕਮ