Site icon TheUnmute.com

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਅਪਰਾਧ ਤੇ ਮੋਬਾਈਲ ਮੁਕਤ ਕਰਨ ਦੀ ਸਖ਼ਤ ਹਦਾਇਤ

jails

ਚੰਡੀਗੜ੍ਹ, 17 ਅਕਤੂਬਰ 2024: ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਦੀਆਂ ਜੇਲ੍ਹਾਂ (jails) ਦੇ ਅਧਿਕਾਰੀਆਂ ਨਾਲ ਅਹਿਮ ਬੈਠਕ ਕੀਤੀ ਹੈ | ਇਸ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲ੍ਹਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਆਧਾਰਿਤ ਅਤੇ ਅਤਿ-ਆਧੁਨਿਕ ਤਕਨੀਕ ਅਪਣਾਉਣ ‘ਤੇ ਜ਼ੋਰ ਦਿੱਤਾ ਹੈ |

ਉਨ੍ਹਾਂ ਕਿਹਾ ਕਿ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਅਪਰਾਧ ਮੁਕਤ ਬਣਾਉਣ ਅਤੇ ਮੋਬਾਈਲਾਂ ਵਰਗੇ ਯੰਤਰਾਂ ਨੂੰ ਪੂਰੀ ਤਰ੍ਹਾਂ ਰੋਕਣ ਲਈ ਆਧੁਨਿਕ ਤਕਨੀਕ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲ੍ਹਾਂ ‘ਚ ਨਿਗਰਾਨੀ ਦੇ ਆਧੁਨਿਕ ਉਪਕਰਨ ਲਗਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ |

ਇਸਦੇ ਨਾਲ ਹੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜੇਲ੍ਹ (jails)  ਵਿਭਾਗ ਲਈ ਲੋੜੀਂਦੇ ਫੰਡਾਂ ਲਈ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਜੇਲ੍ਹਾਂ ਦੇ ਆਧੁਨਿਕੀਕਰਨ ਅਤੇ ਉੱਥੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਦੂਜੇ ਪਾਸੇ ਸੂਬੇ ਦੀਆਂ ਜੇਲ੍ਹਾਂ ‘ਚ ਕੈਦੀਆਂ ਦੀ ਵਧਦੀ ਗਿਣਤੀ ਨੂੰ ਧਿਆਨ ‘ਚ ਰੱਖਦਿਆਂ ਉਨ੍ਹਾਂ ਕਿਹਾ ਕਿ ਸੂਬੇ ‘ਚ ਨਵੀਆਂ ਜੇਲ੍ਹਾਂ ਦੀ ਉਸਾਰੀ ਦੇ ਨਾਲ-ਨਾਲ ਨਵੀਆਂ ਬੈਰਕਾਂ ਵੀ ਬਣਾਈਆਂ ਜਾਣਗੀਆਂ।

ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ (jails) ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜੇਲ੍ਹਾਂ ਨੂੰ ਪੂਰੀ ਤਰ੍ਹਾਂ ਅਪਰਾਧ ਮੁਕਤ ਬਣਾਉਣ ਲਈ ਮੁਸਤੈਦੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ‘ਚ ਵੱਖ-ਵੱਖ ਉਤਪਾਦ ਤਿਆਰ ਕੀਤੇ ਜਾਣ ਤਾਂ ਜੋ ਜੇਲ੍ਹਾਂ ਨੂੰ ਆਰਥਿਕ ਤੌਰ ’ਤੇ ਆਤਮ ਨਿਰਭਰ ਬਣਾਇਆ ਜਾ ਸਕੇ। ਇਸੇ ਤਰ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦੇ ਨਾਲ-ਨਾਲ ਉਨ੍ਹਾਂ ਲਈ ਬਣਾਈਆਂ ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।

ਇਸ ਬੈਠਕ ‘ਚ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਚੱਲ ਰਹੇ ਪ੍ਰੋਜੈਕਟਾਂ, ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਰਣਨੀਤੀਆਂ, ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ, ਸਿਹਤ ਸਹੂਲਤਾਂ ‘ਚ ਸੁਧਾਰ, ਅੰਤਰ-ਵਿਭਾਗੀ ਸੰਚਾਰ ‘ਚ ਸੁਧਾਰ ਅਤੇ ਮੁੜ ਵਸੇਬਾ ਪ੍ਰੋਗਰਾਮਾਂ ‘ਚ ਹੋਰ ਸੁਧਾਰ ਆਦਿ ਬਾਰੇ ਵਿਚਾਰ-ਚਰਚਾ ਕੀਤੀ ਹੈ |

ਇਸ ਬੈਠਕ ਦੌਰਾਨ ਜੇਲ੍ਹ ਸੁਪਰਡੈਂਟਾਂ ਨੇ ਕੈਦੀਆਂ ਦੀ ਵਧਦੀ ਗਿਣਤੀ ਅਤੇ ਤਾਲਾਬੰਦੀ, ਸਟਾਫ਼ ਅਤੇ ਸਾਧਨਾਂ ਦੀ ਘਾਟ ਆਦਿ ਆਪੋ-ਆਪਣੀਆਂ ਜੇਲ੍ਹਾਂ ਨਾਲ ਸੰਬੰਧਿਤ ਚੁਣੌਤੀਆਂ ਨੂੰ ਸਾਂਝਾ ਕੀਤਾ। ਮੰਤਰੀ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

ਜੇਲ੍ਹ ਮੰਤਰੀ ਭੁੱਲਰ ਨੇ ਕੈਦੀਆਂ ਲਈ ਵਿਦਿਅਕ ਪ੍ਰੋਗਰਾਮਾਂ ਦਾ ਵਿਸਤਾਰ ਕਰਨ, ਨਿਗਰਾਨੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਮਾਨਸਿਕ ਸਿਹਤ ਅਤੇ ਤੰਦਰੁਸਤੀ ਨਾਲ ਸਬੰਧਤ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਦੀਆਂ ਯੋਜਨਾਵਾਂ ਦੀ ਰੂਪਰੇਖਾ ਵੀ ਉਲੀਕੀ ਗਈ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹਾਂ ‘ਚ ਸੁਧਾਰ ਦੇ ਏਜੰਡੇ ਨੂੰ ਅੱਗੇ ਵਧਾਉਣ ਲਈ ਸੁਪਰਡੈਂਟਾਂ ਅਤੇ ਵਿਭਾਗ ਦੇ ਸਾਂਝੇ ਯਤਨਾਂ ‘ਤੇ ਤਸੱਲੀ ਪ੍ਰਗਟਾਈ ਹੈ ।

Exit mobile version