ਚੰਡੀਗੜ੍ਹ, 28 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਲਈ ਸਰਵਉੱਚ ਹੈ ਅਤੇ ਪੰਜਾਬ ਸਰਕਾਰ ਬੇਅਦਬੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਢਾਂਚੇ ਨੂੰ ਯਕੀਨੀ ਬਣਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਲਈ ਕੋਈ ਕਸਰ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਗਠਿਤ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਹੋਈ ਵਿਸਥਾਰਤ ਬੈਠਕ ਦੌਰਾਨ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ ਅਤੇ ਭਾਰੀ ਜੁਰਮਾਨੇ ਇਸ ਕਾਨੂੰਨ ਦਾ ਮੁੱਖ ਆਧਾਰ ਹਨ ਅਤੇ ਇਸ ‘ਚ ਕੋਈ ਢਿੱਲ ਨਹੀਂ ਦਿੱਤੀ ਜਾ ਸਕਦੀ।
ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ ‘ਚ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਬਾਰੇ ਉਠਾਏ ਖਦਸ਼ਿਆਂ ਬਾਰੇ ਅਤੇ ਸਲਾਹ-ਮਸ਼ਵਰੇ ਤੇ ਆਪਸੀ ਸਹਿਮਤੀ ਨਾਲ ਇਹਨਾਂ ਦੇ ਹੱਲ ਬਾਰੇ ਚਰਚਾ ਕੀਤੀ। ਉਨ੍ਹਾਂ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਪ੍ਰਸਤਾਵਿਤ ਸੋਧਾਂ ਦੀ ਸਮੀਖਿਆ ਕਰਨ, ਸੁਝਾਵਾਂ ‘ਤੇ ਵਿਚਾਰ ਕਰਨ ਅਤੇ ਸਹਿਮਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਵਿਸਥਾਰਪੂਰਵਕ ਅਤੇ ਨਿਰੰਤਰ ਬੈਠਕਾਂ ਕੀਤੀਆਂ ਜਾਣ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਇਸ ਕਾਨੂੰਨ ਦੀਆਂ ਮੱਦਾਂ ਬਾਰੇ ਚਰਚਾ ਕਰਨ ਅਤੇ ਸਹਿਮਤੀ ਬਣਾਉਣ ਦੀ ਦਿਸ਼ਾ ‘ਚ ਕੰਮ ਕਰਦੇ ਸਮੇਂ, ਇਸ ਕਾਨੂੰਨ ਦੀ ਮੂਲ ਭਾਵਨਾ ਅਤੇ ਮੁੱਖ ਮਕਸਦ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
ਮੁੱਖ ਮੰਤਰੀ ਮੁਤਾਬਕ ਇਸ ‘ਚ ਕੋਈ ਸ਼ੱਕ ਨਹੀਂ ਕਿ ਇਸ ਕਾਨੂੰਨ ਨੇ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ਨੂੰ ਰਾਹਤ ਪ੍ਰਦਾਨ ਕੀਤੀ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਉਣਾ ਹੈ ਤਾਂ ਜੋ ਕੋਈ ਵੀ ਵਿਅਕਤੀ ਕਦੇ ਵੀ ਅਜਿਹਾ ਗੰਭੀਰ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਬਾਰੇ ਕੁਝ ਖਦਸ਼ੇ ਪ੍ਰਗਟਾਏ ਹਨ ਅਤੇ ਅਸੀਂ ਇਨ੍ਹਾਂ ਖਦਸ਼ਿਆਂ ‘ਤੇ ਪੂਰੀ ਤਰ੍ਹਾਂ ਵਿਚਾਰ ਕਰਨ ਲਈ ਤਿਆਰ ਹਾਂ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਧਾਰਮਿਕ ਖੇਤਰ ਨਾਲ ਜੁੜੀਆਂ ਉੱਘੀਆਂ ਸ਼ਖਸੀਅਤਾਂ, ਬੁੱਧੀਜੀਵੀਆਂ ਅਤੇ ਕਾਨੂੰਨੀ ਮਾਹਰਾਂ ਵਾਲੀ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਸਲਾਹ-ਮਸ਼ਵਰਾ ਕਰੇਗੀ ਅਤੇ ਸੂਬਾ ਸਰਕਾਰ ਨੂੰ ਢੁਕਵੀਂ ਸੇਧ ਦੇਣ ਤੋਂ ਪਹਿਲਾਂ ਕਾਨੂੰਨ ਦੇ ਹਰ ਪਹਿਲੂ ਦੀ ਘੋਖ ਕਰੇਗੀ।”
ਮੁੱਖ ਮੰਤਰੀ ਮਾਨ ਨੇ ਕਿਹਾ, “ਸੁਝਾਈਆਂ ਸੋਧਾਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਤਾਂ ਜੋ ਸਾਰੇ ਕਾਨੂੰਨੀ, ਸੰਵਿਧਾਨਕ ਅਤੇ ਹੋਰ ਸਬੰਧਤ ਪਹਿਲੂਆਂ ਨੂੰ ਧਿਆਨ ‘ਚ ਰੱਖਦਿਆਂ ਕੋਈ ਸੁਖਾਵਾਂ ਹੱਲ ਕੱਢਿਆ ਜਾ ਸਕੇ। ਮੁੱਖ ਮੰਤਰੀ ਨੇ ਨੋਡਲ ਅਧਿਕਾਰੀ, ਪੀ.ਸੀ.ਐਸ. ਹਰਜੀਤ ਸਿੰਘ ਸੰਧੂ ਨੂੰ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਦੀਆਂ ਬੈਠਕਾਂ ਲਈ ਮੁਕੰਮਲ ਤਾਲਮੇਲ ਯਕੀਨੀ ਬਣਾਉਣ ਅਤੇ ਕਮੇਟੀ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੇ ਸਤਿਕਾਰ ਅਤੇ ਸੰਵੇਦਨਸ਼ੀਲਤਾ ਨਾਲ ਨੇਪਰੇ ਚਾੜ੍ਹੇਗੀ। ਇਹ ਬਿੱਲ ਕਾਨੂੰਨੀ ਮਾਹਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ ਕੀਤਾ =ਸੀ, ਜਿਸ ਦਾ ਸਪੱਸ਼ਟ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਇਸ ‘ਚ ਅਜਿਹੀ ਕੋਈ ਕਮੀ ਜਾਂ ਖਾਮੀ ਨਾ ਰਹਿ ਜਾਵੇ ਜੋ ਭਵਿੱਖ ‘ਚ ਇਸ ਦੀ ਪ੍ਰਭਾਵਸ਼ੀਲਤਾ ਨੂੰ ਕਮਜ਼ੋਰ ਕਰ ਸਕੇ। ਜਦੋਂ ਵੀ ਬੇਅਦਬੀ ਦੀ ਕੋਈ ਘਟਨਾ ਵਾਪਰਦੀ ਹੈ, ਤਾਂ ਇਹ ਲੋਕਾਂ ਦੇ ਹਿਰਦਿਆਂ ਅਤੇ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੀ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਿਲਕੁਲ ਨਵਾਂ ਕਾਨੂੰਨ ਲਿਆਉਣ ਦੀ ਬਜਾਏ ਮੌਜੂਦਾ ਕਾਨੂੰਨ ‘ਚ ਸੋਧ ਕਰਨ ਦਾ ਫੈਸਲਾ ਕੀਤਾ ਤਾਂ ਜੋ ਸੋਧੇ ਹੋਏ ਕਾਨੂੰਨ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਜਾ ਸਕੇ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਾਨੂੰਨੀ ਢਾਂਚਾ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਿਆ ਰਹੇ ਅਤੇ ਹਰ ਜਾਇਜ਼ ਕਾਨੂੰਨੀ ਅਤੇ ਸੰਵਿਧਾਨਕ ਚਿੰਤਾ ਦਾ ਨਿਪਟਾਰਾ ਵੀ ਕੀਤਾ ਜਾ ਸਕੇ।”
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ “ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੇ ਹਾਂ ਅਤੇ ਕਾਨੂੰਨ ਬੇਅਦਬੀ ਵਿਰੁੱਧ ਸਭ ਤੋਂ ਮਜ਼ਬੂਤ ਢਾਂਚਾ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਾਂਗੇ।
Read More: Punjab Weather News: ਪੰਜਾਬ ‘ਚ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਵਿਭਾਗ ਦੀ ਭਵਿੱਖਬਾਣੀ




