ਫਾਜ਼ਿਲਕਾ 08 ਮਈ 2024: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾ, ਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆ ਗਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ, ਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈ, ਜ਼ਮੀਨ ਵਿੱਚ ਮੌਜੂਦ ਜ਼ਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜ਼ਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਮਮਤਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋਂ ਤੂੜੀ ਬਣਾਈ ਜਾ ਰਹੀ ਹੈ, ਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ-ਖੁੰਹਦ ਵਿੱਚ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨ, ਜਿਸ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਜੈਵਿਕ ਮਾਦੇ ਵਿੱਚ ਵੀ ਵਾਧਾ ਹੁੰਦਾ ਹੈ।
ਇਸ ਤੋਂ ਇਲਾਵਾ ਖੇਤੀਬਾੜੀ ਅਫ਼ਸਰ ਵੱਲੋ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨੂੰ ਕਿਹਾ ਗਿਆ ਹੈ ਕਿ ਕਣਕ ਦੀ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਜਾਵੇ ਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋਂ ਵੱਧ ਪ੍ਰੇਰਿਤ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣ, ਸਗੋਂ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।