ਫਾਜ਼ਿਲਕਾ, 29 ਅਕਤੂਬਰ 2024: ਫਾਜ਼ਿਲਕਾ ਜ਼ਿਲ੍ਹੇ (Fazilka) ‘ਚ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਬੀ.ਐਨ.ਐਸ.ਐਸ ਦੀ ਧਾਰਾ-163 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਕੇ ਫਾਜ਼ਿਲਕਾ ‘ਚ ਵੱਖ-ਵੱਖ ਪਾਬੰਦੀਆਂ ਲਗਾਈਆਂ ਹਨ, ਜੋ ਕਿ 31 ਦਸੰਬਰ 2024 ਤੱਕ ਲਾਗੂ ਰਹਿਣਗੀਆਂ |
ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ । ਇਨ੍ਹਾਂ ਹੁਕਮਾਂ ‘ਚ ਕਿਹਾ ਗਿਆ ਹੈ ਕਿ ਜ਼ਿਲ੍ਹੇ ‘ਚ ਸ਼ਾਮ ਨੂੰ ਸੂਰਜ ਛਿਪਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਰਹੇਗੀ ।
ਇਸਦੇ ਨਾਲ ਹੀ ਜ਼ਿਲ੍ਹਾ (Fazilka) ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹਨ ਉਹ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਜਰੂਰ ਕਰਵਾਉਣਗੇ। ਦੂਜੇ ਪਾਸੇ ਫਾਜ਼ਿਲਕਾ ‘ਚ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾਵੇਗਾ। ਫਾਜ਼ਿਲਕਾ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ‘ਚ ਇਹ ਹੁਕਮ ਲਾਗੂ ਰਹਿਣਗੇ। ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਕਤ ਖ਼ਿਲਾਫ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਕੀਤੀ ਜਾਵੇਗੀ |
ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਪਾਬੰਦੀਆਂ ਮੁਤਾਬਕ ਫਾਜ਼ਿਲਕਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚਣ ਅਤੇ ਵਰਤੋਂ ਕਰਨ ‘ਤੇ ਪੂਰਨ ਪਾਬੰਦੀ ਹੈ | ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ, ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਹੈ।
ਫਾਜ਼ਿਲਕਾ (Fazilka) ‘ਚ 50 ਮਾਈਕਰੋਨ ਤੋਂ ਘੱਟ ਮੋਟਾਈ 8*13 ਅਕਾਰ ਤੋਂ ਘੱਟ ਅਤੇ ਨਿਰਧਾਰਤ ਰੰਗ ਤੋਂ ਬਗੈਰ ਦੇ ਅਣਲੱਗ ਪਲਾਸਟਿਕ ਦੇ ਲਿਫਾਫਿਆਂ ਦੇ ਬਣਾਉਣ/ਵਰਤੋਂ ਕਰਨ ਤੇ ਪਾਬੰਦੀ ਰਹੇਗੀ |ਇਸਦੇ ਨਾਲ ਹੀ ਕੌਮਾਂਤਰੀ ਸਰਹੱਦ ਨੇੜੇ ਉੱਚੀਆ ਵੱਧਣ ਵਾਲੀਆਂ ਫਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਇਸ ਤੋਂ ਇਲਾਵਾ ਫਾਜ਼ਿਲਕਾ ਦੀ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਆਦਿ ਦੀ ਸੁਰੱਖਿਆ ਨੂੰ ਲੈ ਕੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਆਪਣੇ ਅਧੀਨ ਆਉਂਦੇ ਅਧਿਕਾਰੀ/ ਕਰਮਚਾਰੀ/ਚੌਂਕੀਦਾਰ ਦੀ 24 ਘੰਟੇ ਲਈ ਡਿਊਟੀ ਲਗਾਉਣ, ਤਾਂ ਜੋ ਕਿਸੇ ਵੀ ਜਥੇਬੰਦੀ ਵੱਲੋਂ ਰੋਸ਼ ਪ੍ਰਦਰਸ਼ਨ ਦੀ ਕਾਰਵਾਈ ਨੂੰ ਰੋਕਿਆ ਜਾ ਸਕੇ।