ਚੰਡੀਗੜ੍ਹ, 31 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਲੋਕਾਂ ਨੂੰ 1 ਨਵੰਬਰ ਨੂੰ ਲੁਧਿਆਣਾ (Ludhiana) ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਖੁੱਲ੍ਹੀ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਪੰਜਾਬ ਸਰਕਾਰ ਨੇ ਇਸ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਇਸ ਬਹਿਸ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਨੂੰ ਬੁੱਕ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦੀ ਬੈਠਣ ਦੀ ਸਮਰੱਥਾ 1000 ਦੇ ਕਰੀਬ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਸੱਦਣ ਨਾਲ ਪੁਲਿਸ ਅਤੇ ਪ੍ਰਬੰਧਕਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।
ਇਸ ਖੁੱਲ੍ਹੀ ਬਹਿਸ ਵਿੱਚ ਮੁੱਖ ਮੰਤਰੀ ਅਤੇ ਸਾਰੇ ਮੰਤਰੀਆਂ ਤੋਂ ਇਲਾਵਾ ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਲੁਧਿਆਣਾ (Ludhiana) ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੂਤਰਾਂ ਅਨੁਸਾਰ ਆਡੀਟੋਰੀਅਮ ਵਿੱਚ ਇੱਕ ਹਜ਼ਾਰ ਲੋਕ ਬੈਠ ਸਕਦੇ ਹਨ ਪਰ ਕਈ ਵੀ.ਵੀ.ਆਈ.ਪੀਜ਼ ਦੀ ਮੌਜੂਦਗੀ ਕਾਰਨ ਉੱਥੇ ਸਿਰਫ਼ 800 ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।
ਸਰਕਾਰੀ ਪੱਧਰ ‘ਤੇ ਹੁਣ ਤੱਕ ਆਡੀਟੋਰੀਅਮ ‘ਚ ਸਟੇਜ ‘ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਸਿਰਫ਼ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਬਿਠਾਏ ਜਾਣ ਦੀ ਸੂਚਨਾ ਹੈ |