ਲੁਧਿਆਣਾ, 23 ਨਵੰਬਰ 2026: ਲੁਧਿਆਣਾ ਦੀ ਸਥਾਨਕ ਅਦਾਲਤ ਨੇ ਮਾਡਲ ਟਾਊਨ ਪੁਲਸ ਸਟੇਸ਼ਨ ਦੀ ਮਹਿਲਾ SHO ਇੰਸਪੈਕਟਰ ਗੁਰਸ਼ਿੰਦਰ ਕੌਰ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤੀ ਹੁਕਮਾਂ ਦੇ ਬਾਵਜੂਦ ਇੱਕ ਮਾਮਲੇ ਵਿੱਚ ਵਾਰ-ਵਾਰ ਮੌਕਾ ਦਿੱਤੇ ਜਾਣ ਦੇ ਬਾਅਦ ਵੀ ਲੋੜੀਂਦੀ ਰਿਪੋਰਟ ਪੇਸ਼ ਨਾ ਕਰਨ ‘ਤੇ ਅਦਾਲਤ ਨੇ ਉਨ੍ਹਾਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਮੁਤਾਬਕ, ਅਦਾਲਤ ਨੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਪੱਤਰ ਲਿਖ ਕੇ SHO ਵਿਰੁੱਧ IPC ਦੀ ਧਾਰਾ 209 ਤਹਿਤ FIR ਦਰਜ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਸਿਵਲ ਲਾਈਨਜ਼ ਦੇ ACP ਨੂੰ ਵੀ FIR ਦਰਜ ਕਰਨ ਸਬੰਧੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਇਹ ਮਾਮਲਾ ਸਾਲ 2022 ਵਿੱਚ ਦਾਇਰ ਕੀਤੀ ਗਈ ਇੱਕ ਪਟੀਸ਼ਨ ਨਾਲ ਸਬੰਧਤ ਹੈ। ਪਟੀਸ਼ਨਕਰਤਾ ਰਮਨਦੀਪ ਕੌਰ ਉਰਫ਼ ਗੁਰਮੀਤ ਕੌਰ ਨੇ ਰਸ਼ਪਾਲ ਸਿੰਘ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਸੀ। ਪਟੀਸ਼ਨ ਵਿੱਚ ਮੁਲਜ਼ਮਾਂ ਖ਼ਿਲਾਫ਼ IPC ਦੀਆਂ ਧਾਰਾਵਾਂ 406, 420, 363, 366 ਅਤੇ 120-B ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਸੀ।




