Parminder Singh Dhindsa

ਸ੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸਿੱਖ ਗੁਰਦੁਆਰਾ ਐਕਟ 1925 ‘ਚ ਛੇੜਛਾੜ ਕਰਨ ਦਾ ਸਖ਼ਤ ਵਿਰੋਧ

ਚੰਡੀਗੜ੍ਹ, 20 ਜੂਨ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਅਤੇ ਸਿੱਖ ਗੁਰਦੁਆਰਾ ਐਕਟ 1925 (Sikh Gurdwara Act 1925) ਵਿਚ ਛੇੜਛਾੜ ਕਰਨ ਦੇ ਕੀਤੇ ਗਏ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਕੇ ਮਾਨ ਸਰਕਾਰ ਸਿੱਧੇ ਤੌਰ `ਤੇ ਸਿੱਖ ਮਸਲਿਆਂ ਵਿਚ ਦਖ਼ਅੰਦਾਜੀ ਕਰ ਰਹੀ ਹੈ। ਜਿਸ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਮਾਨ ਸਰਕਾਰ ਨੂੰ ਅਜਿਹਾ ਕਰਨ ਤੋਂ ਨਾ ਰੋਕਿਆ ਗਿਆ ਤਾਂ ਭਵਿੱਖ ਵਿਚ ਵੀ ਸਰਕਾਰਾਂ ਦੇ ਸਿੱਖ ਮਸਲਿਆਂ ਵਿਚ ਦਖਲਅੰਦਾਜੀ ਕਰਨ ਦੇ ਰਾਹ ਖੁੱਲ੍ਹ ਜਾਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਸਿੱਖ ਗੁਰਦੁਆਰਾ ਸੋਧ ਬਿੱਲ ਪਾਸ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।

ਢੀਂਡਸਾ ਨੇ ਅੱਗੇ ਕਿਹਾ ਕਿ ਮਾਨ ਸਰਕਾਰ ਦੇ ਇਸ ਫੈਸਲੇ ਲਈ ਸੁਖਬੀਰ ਸਿੰਘ ਬਾਦਲ ਵੀ ਬਰਾਬਰ ਦੇ ਜ਼ਿੰਮੇਵਾਰ ਹਨ ਕਿਉਂਕਿ ਉਨ੍ਹਾਂ ਵੱਲੋਂ ਸਿਰਫ਼ ਇਕ ਚੈਨਲ ਨੂੰ ਹੀ ਗੁਰਬਾਣੀ ਦੇ ਪ੍ਰਸਾਰਣ ਦੇ ਸਾਰੇ ਅਧਿਕਾਰ ਦਿੱਤੇ ਗਏ ਹਨ ਅਤੇ ਜੇਕਰ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਐਸਜੀਪੀਸੀ ਦੇ ਆਪਣਾ ਚੈਨਲ ਸ਼ੁਰੂ ਕਰਨ ਦੀ ਗੱਲ ਮੰਨ ਲੈਂਦੇ ਤਾਂ ਮਾਨ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦੀ ਹਿੰਮਤ ਨਹੀ ਹੋਣੀ ਸੀ।

ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਗੁਰਬਾਣੀ ਪ੍ਰਸਾਰਣ `ਤੇ ਸਿਰਫ ਇਕ ਚੈਨਲ ਦੀ ਹੀ ਅਜਾਰੇਦਾਰੀ ਕਾਇਮ ਰੱਖਣ ਦੇ ਸਵਾਰਥ ਨੇ ਮਾਨ ਸਰਕਾਰ ਨੂੰ ਸਿੱਖ ਮਸਲਿਆਂ ਵਿਚ ਦਖ਼ਲਅੰਦਾਜ਼ੀ ਕਰਨ ਦਾ ਮੌਕਾ ਦਿੱਤਾ ਹੈ। ਜਿਸ ਨਾਲ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਹਾਲੇ ਇਹ ਸ਼ੁਰੂਆਤ ਹੈ ਅਤੇ ਜੇਕਰ ਇਸ ਦਾ ਵਿਰੋਧ ਨਾ ਕੀਤਾ ਗਿਆ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖ ਮਸਲਿਆਂ ਵਿਚ ਦਖ਼ਲਅੰਦਾਜੀ ਹੋਰ ਵਧੇਗੀ।

Scroll to Top