ਚੰਡੀਗੜ੍ਹ 04 ਨਵੰਬਰ 2022: ਅੰਮ੍ਰਿਤਸਰ ’ਚ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ, ਇਸ ਕਤਲਕਾਂਡ ਨੂੰ ਲੈ ਕੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਪ੍ਰੈਸ ਕਾਨਫਰੰਸ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਤਲ ਕਰਨ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਨੌਜਵਾਨ ਦੀ ਪਛਾਣ ਸੰਦੀਪ ਸਿੰਘ ਨਿਵਾਸੀ ਕੋਟ ਬਾਬਾ ਦੀਪ ਸਿੰਘ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ।
ਪੰਜਾਬ ਦੇ ਡੀ.ਜੀ.ਪੀ. ਨੇ ਦੱਸਿਆ ਕਿ ਇਸ ਸਾਰੇ ਮਾਮਲੇ ਪਿੱਛੇ ਕੌਣ ਹੈ, ਇਸਦੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਨਾ ਫੈਲਾਈਆਂ ਜਾਣ ਤੇ ਅੰਮ੍ਰਿਤਸਰ ਵਿਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ। ਉਨ੍ਹਾਂ ਦੱਸਿਆ ਕਿਹਾ ਕਿ ਨੌਜਵਾਨ ਨੇ 5 ਰਾਉਂਡ ਫਾਇਰ ਕੀਤੇ ਤੇ ਉਸ ਕੋਲ ਲਾਇਸੈਂਸੀ ਪਿਸਤੌਲ ਸੀ, ਜਿਸ ਤੋਂ ਫਾਇਰਿੰਗ ਕੀਤੀ ਗਈ। ਪੰਜਾਬ ਡੀ.ਜੀ.ਪੀ. ਘਟਨਾ ਦਾ ਜਾਇਜ਼ਾ ਲੈਣ ਲਈ ਅੰਮ੍ਰਿਤਸਰ ਜਾ ਰਹੇ ਹਨ।