ਚੰਡੀਗੜ੍ਹ, 03 ਨਵੰਬਰ 2023: ਪਾਕਿਸਤਾਨ ਵਿੱਚ ਇੱਕ ਵਾਰ ਫਿਰ ਪੁਲਿਸ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਖੈਬਰ ਪਖਤੂਨਖਵਾ (Khyber Pakhtunkhwa) ‘ਚ ਪੁਲਿਸ ‘ਤੇ ਹਮਲਾ ਹੋਇਆ ਹੈ। ਇੱਥੇ ਅਕਸਰ ਹੀ ਅੱਤਵਾਦੀ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਇਹ ਹਮਲਾ ਸ਼ੁੱਕਰਵਾਰ 3 ਅਕਤੂਬਰ ਨੂੰ ਕੀਤਾ ਗਿਆ ਸੀ। ਇਸ ਹਮਲੇ ‘ਚ 4 ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਪੁਲਿਸ ਕਰਮਚਾਰੀਆਂ ਸਮੇਤ 21 ਜਣੇ ਜ਼ਖਮੀ ਹੋ ਗਏ।
ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸਮੱਗਰੀ ਇੱਕ ਮੋਟਰਸਾਈਕਲ ਵਿੱਚ ਫਿਕਸ ਕੀਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਕਈ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਬਹੁਤ ਤੇਜ਼ ਸੀ ਅਤੇ ਆਸ-ਪਾਸ ਦੇ ਲੋਕਾਂ ‘ਚ ਦਹਿਸ਼ਤ ਫੈਲ ਗਈ।
ਤਾਜ਼ਾ ਘਟਨਾ ਦੇ ਸਬੰਧ ਵਿੱਚ ਪੁਲਿਸ ਨੇ ਇਹ ਖਦਸ਼ਾ ਵੀ ਪ੍ਰਗਟਾਇਆ ਹੈ ਕਿ ਪੁਲਿਸ ਵੈਨ ਵੀ ਇਸ ਹਮਲੇ ਦਾ ਨਿਸ਼ਾਨਾ ਹੋ ਸਕਦੀ ਹੈ। ਪੁਲਿਸ ਅਤੇ ਬਚਾਅ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।