ਚੰਡੀਗੜ੍ਹ, 11 ਜੁਲਾਈ, 2023: ਪੰਜਾਬ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਸਮੇਤ ਕਈ ਆਗੂਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ (Flood Affected Areas) ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ । ਸੁਖਬੀਰ ਬਾਦਲ ਨਵਾਂਸ਼ਹਿਰ ਦੇ ਬੰਗਾ ਦੇ ਪਿੰਡ ਚੇਤਾ ਪਹੁੰਚੇ ਅਤੇ ਇਸ ਦੌਰਾਨ ਸੁਖਬੀਰ ਬਾਦਲ ਟਰੈਕਟਰ ‘ਤੇ ਬੈਠ ਕੇ ਜਾਇਜ਼ਾ ਲਿਆ |
ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਅਤੇ ਇਲਾਕੇ ਦਾ ਮੁਆਇਨਾ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਿਸਾਨਾਂ ਦੇ ਕਰਜ਼ੇ ਦੀ ਤਾਰੀਖ਼ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਦਾ ਵਿਆਜ ਮੁਆਫ਼ ਕੀਤਾ ਜਾਵੇ, ਇਸ ਤੋਂ ਇਲਾਵਾ ਜਿਨ੍ਹਾਂ ਦੇ ਘਰ ਬਾਰਸ਼ ਕਾਰਨ ਤਬਾਹ ਹੋ ਗਏ ਹਨ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਪੀੜਤਾਂ ਨੂੰ ਡਾਕਟਰੀ ਦੇਖਭਾਲ ਅਤੇ ਪਸ਼ੂਆਂ ਲਈ ਚਾਰਾ ਮੁਹੱਈਆ ਕਰਵਾਇਆ ਜਾਵੇ। ਦੂਜੇ ਪਾਸੇ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦੀ ਸਮੂਹ ਲੀਡਰਸ਼ਿਪ ਵੱਲੋਂ ਆਪੋ-ਆਪਣੇ ਇਲਾਕਿਆਂ ਵਿੱਚ ਲੋਕਾਂ ਦੀ ਮੱਦਦ ਕਰਨ ਅਤੇ ਰਾਸ਼ਨ ਮੁਹੱਈਆ ਕਰਵਾਉਣ ਦੀ ਗੱਲ ਵੀ ਕਹੀ।