ਚੰਡੀਗੜ੍ਹ 25 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਬਕਾਰੀ ਨੀਤੀ ਨੂੰ ਲੈ ਕੇ ਮਾਨ ਸਰਕਾਰ ‘ਤੇ ਕਰੋੜਾਂ ਰੁਪਏ ਦਾ ਘਪਲਾ ਕਰਨ ਦੇ ਦੋਸ਼ ਲਾਏ ਹਨ। ਅੱਜ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਆਦਮੀ ਪਾਰਟੀ ਪਹਿਲਾਂ ਦਿੱਲੀ ’ਚ ਐਕਸਾਈਜ਼ ਪਾਲਿਸੀ ਲੈ ਕੇ ਆਈ ਅਤੇ ਹੁਣ ਉਹੀ ਦਿੱਲੀ ਦੀ ਐਕਸਾਈਜ਼ ਪਾਲਿਸੀ ਪੰਜਾਬ ’ਚ ਲਿਆਂਦੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਆਬਕਾਰੀ ਨੀਤੀ ਲਈ ਕਰੋੜਾਂ ਰੁਪਏ ਇਕੱਠੇ ਕਰਨ ਦੇ ਗੰਭੀਰ ਦੋਸ਼ ਲਾਏ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਦਿੱਲੀ ਦੀ ਆਬਕਾਰੀ ਨੀਤੀ ਪੰਜਾਬ ਵਿੱਚ ਲਿਆਂਦੀ, ਜੋ ਆਬਕਾਰੀ ਨੀਤੀ ਦਿੱਲੀ ਵਿੱਚ ਚੱਲ ਰਹੀ ਹੈ, ਉਹ ਪੰਜਾਬ ਵਿੱਚ ਲਾਗੂ ਕੀਤੀ ਗਈ। ਸੁਖਬੀਰ ਨੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣੀ ਨੂੰ 5 ਮਹੀਨੇ ਹੋ ਗਏ ਹਨ ਅਤੇ ਇਸ ਥੋੜ੍ਹੇ ਸਮੇਂ ‘ਚ ਹੀ 500 ਕਰੋੜ ਰੁਪਏ ਦੀ ਲੁੱਟ ਹੋਈ ਹੈ।
ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ‘ਚ ਘਪਲੇ ਕੀਤੇ ਅਤੇ ਹੁਣ ਪੰਜਾਬ ‘ਚ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਬਕਾਰੀ ਨੀਤੀ ਦੇ ਨਾਂ ’ਤੇ ਸਭ ਤੋਂ ਵੱਡਾ ਘਪਲਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦਿੱਲੀ ਵਿੱਚ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਨੇ ਤਿਆਰ ਕੀਤੀ ਹੈ।
ਇਸ ਦੌਰਾਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਤਿੱਖਾ ਹਮਲਾ ਕੀਤਾ ਗਿਆ। ਉਨ੍ਹਾਂ ਇਸ ਘੁਟਾਲੇ ਵਿੱਚ ਸਿਸੋਦੀਆ ਦੀ ਸ਼ਮੂਲੀਅਤ ਨੂੰ ਲੈ ਕੇ ਸੀਬੀਆਈ ਦੀ ਆਲੋਚਨਾ ਕੀਤੀ ਅਤੇ ਜਾਂਚ ਦੀ ਮੰਗ ਕੀਤੀ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਮੀਟਿੰਗ ਪੰਜਾਬ ਵਿੱਚ ਹੋਣੀ ਚਾਹੀਦੀ ਸੀ, ਪਰ ਇਸ ਦੀ ਤਿਆਰੀ ਦਿੱਲੀ ਵਿੱਚ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਘਵ ਚੱਢਾ ਅਤੇ ਸਿਸੋਦੀਆ ਪੈਸੇ ਇਕੱਠੇ ਕਰਦੇ ਹਨ।