Sukhbir Singh Badal

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 16 ਨਵੰਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ | ਇਸਦੇ ਨਾਲ ਹੀ ਹੁਣ ਅਕਾਲੀ ਦਲ ਦੇ ਨਵੇਂ ਪ੍ਰਧਾਨ ਲਈ ਰਾਹ ਪੱਧਰਾ ਹੋ ਗਿਆ ਹੈ |

ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ | ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ ‘ਚ ਵਿਸ਼ਵਾਸ ਜਤਾਉਣ ਅਤੇ ਉਨ੍ਹਾਂ ਦੇ ਪੂਰੇ ਕਾਰਜਕਾਲ ਦੌਰਾਨ ਦਿਲੋਂ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਹੈ ।

ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ | ਇਨ੍ਹਾਂ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੇਨਤੀ ਪੱਤਰ ਦੇ ਕੇ ਸੁਖਬੀਰ ਸਿੰਘ ਬਾਦਲ ਖ਼ਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ |

30 ਅਗਸਤ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਸਹਿਬਾਨਾਂ ਦੀ ਇਕੱਤਰਤਾ ‘ਚ ਸੁਖਬੀਰ ਸਿੰਘ ਬਾਦਲ (Sukhbir Singh Badal) ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ‘ਤੇ ਫੈਸਲਾ ਲਿਆ ਗਿਆ ਸੀ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਫੈਸਲਾ ਦਿੰਦਿਆਂ ਕਿਹਾ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਪੰਜ ਤਖ਼ਤਾਂ ਦੇ ਜਥੇਦਾਰਾਂ ਸਹਿਬਾਨਾਂ ਦੀ ਮੌਜੂਦਗੀ ‘ਚ ਮੁਆਫ਼ੀ ਨਹੀਂ ਮੰਗਦੇ ਓਦੋਂ ਤੱਕ ਉਨ੍ਹਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ |

ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਸੱਤ ਮੈਂਬਰ ਦਾ ਇੱਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ ਅਤੇ ਉਹਨਾਂ ਨੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਰਾਹਤ ਦੇਣ ਦੀ ਆਪਣੀ ਗੱਲ ਰੱਖੀ ਸੀ। ਜਥੇਦਾਰ ਨੇ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖ਼ਾਹ ਪੂਰੀ ਨਹੀਂ ਕਰ ਲੈਂਦਾ, ਉਸ ਵਕਤ ਤੱਕ ਉਹ ਤਨਖ਼ਾਹੀਆ ਹੀ ਰਹਿੰਦਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਫਿਰ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਚੋਣਾਂ ਲੜਨ ਤੋਂ ਵੀ ਪੈਰ ਪਿੱਛੇ ਕਰ ਲਏ | ਇਸਦੇ ਨਾਲ ਹੀ 13 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਹੈ |

ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਇਸ ‘ਚ ਉਹਨਾਂ ਨੂੰ ਧਾਰਮਿਕ ਸਜ਼ਾ ਸੱਜਣ ਤੋਂ ਛੇਤੀ ਲਗਾਏ ਜਾਣ ਦੀ ਬੇਨਤੀ ਕੀਤੀ | ਉਹਨਾਂ ਨੇ ਕਿਹਾ ਕਿ ਢਾਈ ਮਹੀਨਿਆਂ ਤੋਂ ਉਹਨਾਂ ਵੱਲੋਂ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ਦੇ ‘ਚ ਆਪਣਾ ਯੋਗਦਾਨ ਨਹੀਂ ਦਿੱਤਾ ਗਿਆ| ਜਿਸ ਕਰਕੇ ਉਹਨਾਂ ਵੱਲੋਂ ਇਹ ਬੇਨਤੀ ਪੱਤਰ ਦਿੱਤਾ ਗਿਆ |

 

 

Scroll to Top