ਚੰਡੀਗੜ੍ਹ 12 ਦਸੰਬਰ 2022: ਕੋਟਕਪੂਰਾ ਗੋਲੀ ਕਾਂਡ ਮਾਮਲੇ (Kotakpura Firing case) ‘ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਐੱਲ.ਕੇ ਯਾਦਵ ਦੀ ਅਗਵਾਈ ਐਸਆਈਟੀ ਨੇ ਪੁੱਛਗਿੱਛ ਲਈ ਮੁੜ ਤਲਬ ਕੀਤਾ ਹੈ। ਐਸਆਈਟੀ ਨੇ ਅੱਜ ਸਵੇਰੇ 11 ਵਜੇ ਸੁਖਬੀਰ ਬਾਦਲ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ 30 ਸਤੰਬਰ, 2022 ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਬਾਦਲ ਨੇ ਸੰਮਨ ਨਾ ਮਿਲਣ ਦਾ ਦਾਅਵਾ ਕੀਤਾ ਸੀ। ਐਸਆਈਟੀ ਸਾਹਮਣੇ ਪੇਸ਼ ਹੋਣ ਲਈ ਸੁਖਬੀਰ ਬਾਦਲ ਆਪਣੀ ਰਿਹਾਇਸ ਤੋਂ ਰਵਾਨਾ ਹੋ ਗਏ ਹਨ |
ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੂੰ ਕੋਰੀਅਰ ਰਾਹੀਂ ਸੰਮਨ ਵੀ ਭੇਜੇ ਗਏ। ਇੱਥੋਂ ਤੱਕ ਕਿ ਉਸ ਦੇ ਕਰੀਬੀ ਦੋਸਤ ਦੇ ਵਟਸਐਪ ‘ਤੇ ਵੀ ਸੰਮਨ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਬਾਦਲ ਨੂੰ 14 ਸਤੰਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਇਸ ਦੇ ਨਾਲ ਹੀ ਆਈਜੀ ਨੌਨਿਹਾਲ ਸਿੰਘ ਦੀ ਅਗਵਾਈ ਹੇਠ ਐਸਆਈਟੀ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਪੁੱਛਗਿੱਛ ਲਈ 6 ਸਤੰਬਰ ਨੂੰ ਸੰਮਨ ਜਾਰੀ ਕੀਤੇ ਗਏ ਸਨ।
ਸੁਖਬੀਰ ਸਿੰਘ ਬਾਦਲ ਨੂੰ ਇਹ ਸੰਮਨ ਬੇਅਦਬੀ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਗੋਲੀ ਚਲਾਉਣ ਦਾ ਹੁਕਮ ਦੇਣ ਦੇ ਮਾਮਲੇ ‘ਚ ਭੇਜਿਆ ਗਿਆ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸਨ ਅਤੇ ਉਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਸੀ। ਦਰਅਸਲ, ਐਸਆਈਟੀ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸਨ।