Site icon TheUnmute.com

ਸੁਖਬੀਰ ਸਿੰਘ ਬਾਦਲ ਦੇ ਗਲਤ ਫੈਸਲੇ ਕਾਰਨ ਵੱਡੇ ਪੱਧਰ ‘ਤੇ ਇਸਤਰੀ ਅਕਾਲੀ ਦਲ ਦੇ ਆਗੂਆਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ: ਬੀਬੀ ਪਰਮਜੀਤ ਕੌਰ ਗੁਲਸ਼ਨ

Paramjit Kaur Gulshan

ਚੰਡੀਗੜ੍ਹ, 17 ਜੁਲਾਈ 2023: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸਤਰੀ ਵਿੰਗ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਬੀਬੀ ਪਰਮਜੀਤ ਕੌਰ ਗੁਲਸ਼ਨ (Paramjit Kaur Gulshan) ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਤਾਨਾਸ਼ਾਹੀ ਨੀਤੀਆਂ ਅਤੇ ਗਲਤ ਫੈਸਲਿਆਂ ਕਾਰਨ ਇਕ ਵਾਰ ਫਿਰ ਇਸਤਰੀ ਅਕਾਲੀ ਦਲ ਦੀਆਂ ਵੱਡੇ ਪੱਧਰ `ਤੇ ਅਹੁਦੇਦਾਰਾਂ ਨੂੰ ਅਸਤੀਫਾ ਦੇਣ ਲਈ ਮਜਬੂਰ ਹੋਣਾ ਪਿਆ ਹੈ।

ਬੀਬੀ ਗੁਲਸ਼ਨ ਨੇ ਕਿਹਾ ਕਿ ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਫੈਸਲਾ ਬੇਸ਼ੱਕ ਪਾਰਟੀ ਦਾ ਅੰਦਰੂਨੀ ਮਾਮਲਾ ਹੈ ਪ੍ਰੰਤੂ ਸੁਖਬੀਰ ਸਿੰਘ ਬਾਦਲ ਦੇ ਇਸ ਗਲਤ ਫੈਸਲੇ ਨਾਲ ਇਸਤਰੀ ਅਕਾਲੀ ਦਲ ਦੇ ਆਗੂਆਂ ਵਿਚ ਬੇਹੱਦ ਨਿਰਾਸ਼ਾ ਹੈ ਅਤੇ ਇਸ ਕਾਰਨ ਪਾਰਟੀ ਵਿਚ ਬਗਾਵਤ ਖੜ੍ਹੀ ਹੋ ਗਈ ਹੈ। ਉਨ੍ਹਾਂ ਕਿਹਾ ਕਿ 100 ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸ਼ਾਨਮੱਤਾ ਇਤਿਹਾਸ ਹੈ ਅਤੇ ਕੋਈ ਸਮਾਂ ਸੀ ਜਦੋਂ ਅਕਾਲੀ ਦਲ ਵਿਚ ਕੁਰਬਾਨੀਆਂ ਕਰਨ ਵਾਲੇ ਅਤੇ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੇ ਲੀਡਰਾਂ ਦੀ ਹੀ ਬਹੁਤਾਤ ਹੁੰਦੀ ਸੀ ਪਰ ਜਦੋਂ ਤੋਂ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਪ੍ਰਧਾਨ ਬਣੇ ਹਨ ਉਨ੍ਹਾਂ ਨੇ ਪਾਰਟੀ ਨੂੰ ਇਕ ਪ੍ਰਾਈਵੇਟ ਕੰਪਨੀ ਵਾਂਗ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਤਾਜ਼ਾ ਮਿਸਾਲ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਦੀਆਂ ਆਪਹੁਦਰੀਆਂ, ਧੱਕੇਸ਼ਾਹੀਆਂ ਅਤੇ ਤਾਨਾਸ਼ਾਹੀ ਰਵੱਈਏ ਨੇ ਪਾਰਟੀ ਨੂੰ ਇਸ ਕਦਰ ਨੀਵਾਂ ਲਿਆਂਦਾ ਕਿ ਹੁਣ ਚੰਗੇ ਅਤੇ ਯੋਗ ਆਗੂਆਂ ਨੂੰ ਪਾਰਟੀ ਦੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਿਆ ਹੈ।

ਬੀਬੀ ਗੁਲਸ਼ਨ (Paramjit Kaur Gulshan) ਨੇ ਅੱਗੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਇਸਤਰੀ ਵਿੰਗ ਦੇ ਪ੍ਰਧਾਨ ਵਜੋਂ ਕੰਮ ਕਰ ਚੁੱਕੇ ਹਨ ਪਰ ਉਸ ਵੇਲੇ ਅਹੁਦੇਦਾਰਾਂ ਦੀ ਨਿਯੁਕਤੀ ਵੇਲੇ ਉਨ੍ਹਾਂ ਦੀ ਯੋਗਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਸੀ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਲਗਨ ਅਤੇ ਸਮਰਪਣ ਭਾਵ ਨੂੰ ਵੇਖਕੇ ਹੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਸੀ ਪਰ ਹੁਣ ਅਕਾਲੀ ਦਲ ਵਿਚ ਅਜਿਹੇ ਸਿਧਾਂਤ ਨਹੀ ਰਹੇ ਹਨ ਬਲਕਿ ਹੁਣ ਕੇਵਲ ਚਾਪਲੂਸੀਆਂ ਕਰਨ ਵਾਲਿਆਂ ਨੂੰ ਹੀ ਪਹਿਲ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਹੀ ਵੱਡੇ-ਵੱਡੇ ਅਹੁਦਿਆਂ `ਤੇ ਨਿਯੁਕਤ ਕੀਤਾ ਜਾਂਦਾ ਹੈ।

Exit mobile version