ਚੰਡੀਗੜ੍ਹ 14 ਦਸੰਬਰ 2021: 100 ਸਾਲ ਪੂਰੇ ਕਰਨ ’ਤੇ ਮੋਗਾ ’ਚ ਕੀਤੀ ਜਾ ਰਹੀ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਲਈ ਸ਼ਹਾਦਤਾਂ ਦਿੱਤੀਆਂ ਹਨ। ਇਹ ਪਾਰਟੀ 100 ਸਾਲ ਪੁਰਾਣੀ ਪਾਰਟੀ ਹੈ। ਆਜ਼ਾਦੀ ਤੋਂ ਪਹਿਲਾਂ ਵੀ ਇਹ ਪਾਰਟੀ ਪੰਜਾਬ ਲਈ ਲੜਾਈ ਲੜਦੀ ਰਹੀ ਹੈ।
ਸੁਖਬੀਰ ਬਾਦਲ ਨੇ ਪੰਜਾਬ ਦੀ ਕਾਂਗਰਸ ’ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਮੋਗਾ ਦੀ ਇਸ ਰੈਲੀ ਨੂੰ ਨਾਕਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਾਂਗਰਸੀਆਂ ਨੇ ਨਾਕੇ ਲੱਗਾ ਕੇ ਸਾਡੇ ਵਰਕਰਾਂ ਨੂੰ ਰੋਕਿਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਸਹੂਲਤਾਵਾਂ ਦੇਣ ਲਈ ਨਾ ਸਹੁੰਆ ਖਾਂਦੀਆਂ ਅਤੇ ਫਾਰਸ ਭਰਵਾਏ ਹਨ। ਇਸ ਪਾਰਟੀ ਨੇ ਜੋ ਕਿਹਾ ਉਹ ਕਰ ਕੇ ਦਿਖਾਇਆ ਹੈ। DSGMC ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਡੀ.ਐੱਸ.ਜੀ.ਐੱਮ.ਸੀ ਦਾ ਪ੍ਰਧਾਨ ਨਹੀਂ ਬਣਨ ਦੇ ਰਹੀ। ਧਾਰਮਿਕ ਮਾਮਲਿਆਂ ’ਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਰੀਆਂ ਸਹੂਲਤਾਵਾਂ ਸਾਡੀ ਪਾਰਟੀ ਵਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਬੱਚਿਆਂ ਨੂੰ ਸਕਾਲਰਸ਼ਿਪ, ਆਟਾ-ਦਾਲ ਸਕੀਮ, ਸੜਕਾਂ ਦਾ ਵਿਕਾਸ, ਪੈਨਸ਼ਨ ਸਕੀਮ, ਸ਼ਗਨ ਸਕੀਮ ਆਦਿ ਦੀਆਂ ਸਹੂਲਤਾਵਾਂ ਦਿੱਤੀਆਂ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਾਰਟੀ ਲੋਕਾਂ ਦੀ ਪਾਰਟੀ ਹੋਣ ਦੇ ਨਾਲ-ਨਾਲ ਕਿਸਾਨਾਂ ਦੀ ਪਾਰਟੀ ਵੀ ਹੈ। ਗਰੀਬ ਲੋਕਾਂ ਨੂੰ ਜੋ ਵੀ ਸਹੂਲਤਾਵਾਂ ਦਿੱਤੀਆਂ ਗਈਆਂ, ਉਹ ਸਭ ਇਸ ਪਾਰਟੀ ਵਲੋਂ ਦਿੱਤੀਆਂ ਗਈਆਂ। ਇਸ ਪਾਰਟੀ ਨੇ ਸਿੱਖ ਪੰਥ ਦੇ ਵਿਰਸੇ ਨੂੰ ਸੰਭਾਲਿਆ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਸ ਰੈਲੀ ’ਚ ਪਹੁੰਚੇ ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਸੁੱਚਾ ਸਿੰਘ ਛੋਟੇਪੁਰ ਨੇ ਜਿੱਥੇ ਅਕਾਲੀ ਦਲ ਦੀ ਵਡਿਆਈ ਕੀਤੀ ਤਾਂ ਉੱਥੇ ਹੀ ਉਨ੍ਹਾਂ ਨੇ ਕਾਂਗਰਸ ਸਣੇ ਹੋਰ ਵਿਰੋਧੀਆਂ ਪਾਰਟੀਆਂ ਉੱਤੇ ਨਿਸ਼ਾਨਾ ਵੀ ਸਾਧਿਆ।