ਚੰਡੀਗੜ੍ਹ, 06 ਜੁਲਾਈ 2023: ਦਿੱਲੀ ਦੀ ਰਾਊਸ ਐਵੇਨਿਊ ਅਦਾਲਤ ਨੇ ਮਾਣਹਾਨੀ ਮਾਮਲੇ ‘ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot) ਨੂੰ ਸੰਮਨ ਭੇਜਿਆ ਹੈ। ਅਦਾਲਤ ਨੇ ਉਨ੍ਹਾਂ ਨੂੰ 7 ਅਗਸਤ ਨੂੰ ਅਦਾਲਤ ਵਿੱਚ ਹਾਜ਼ਰ ਰਹਿਣ ਦੇ ਹੁਕਮ ਜਾਰੀ ਕੀਤੇ ਹਨ। ਇਹ ਮਾਣਹਾਨੀ ਦਾ ਕੇਸ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਤਰਫੋਂ ਦਾਇਰ ਕੀਤਾ ਗਿਆ ਸੀ।
ਦਰਅਸਲ, ਫਰਵਰੀ 2023 ਵਿੱਚ ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਸੀ ਕਿ ਗਜੇਂਦਰ ਸਿੰਘ ਸ਼ੇਖਾਵਤ ਸੰਜੀਵਨੀ ਘਪਲੇ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਸੀ ਕਿ ਐਸਓਜੀ ਦੀ ਜਾਂਚ ਵਿੱਚ ਗਜੇਂਦਰ ਸਿੰਘ ਸ਼ੇਖਾਵਤ ਦਾ ਜ਼ੁਰਮ ਵੀ ਸੰਜੀਵਨੀ ਘਪਲੇ ਦੇ ਹੋਰ ਗ੍ਰਿਫ਼ਤਾਰ ਮੁਲਜ਼ਮਾਂ ਵਾਂਗ ਸਾਬਤ ਹੋਇਆ ਹੈ। ਇਸ ਤੋਂ ਬਾਅਦ ਸ਼ੇਖਾਵਤ ਨੇ ਦਿੱਲੀ ਦੀ ਅਦਾਲਤ ‘ਚ ਸੀਐੱਮ ਅਸ਼ੋਕ ਗਹਿਲੋਤ ‘ਤੇ ਮਾਣਹਾਨੀ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ‘ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।