ਜਖੇਪਲ/ਸੁਨਾਮ ਊਧਮ ਸਿੰਘ ਵਾਲਾ 27 ਦਸੰਬਰ 2022: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਮੁਹੱਈਆ ਕਰਵਾਉਣ ਦੇ ਉਦੇਸ਼ ਤਹਿਤ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ਨੂੰ ਸੂਬੇ ਭਰ ਵਿੱਚ ਵੱਡਾ ਹੁੰਗਾਰਾ ਮਿਲਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਮੰਤਰੀ ਅਮਨ ਅਰੋੜਾ ਨੇ ਪਿੰਡ ਚੌਵਾਸ ਜਖੇਪਲ ਵਿਖੇ ਬਣਨ ਵਾਲੇ ਆਮ ਆਦਮੀ ਕਲੀਨਿਕ ਦਾ ਨੀਂਹ ਪੱਥਰ ਰੱਖਦਿਆਂ ਕੀਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੁਨਾਮ ਵਾਸੀਆਂ ਨੂੰ ਸਰਵੋਤਮ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ 5 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕਰ ਰਹੀ ਹੈ |
ਜਿਸ ਤਹਿਤ ਆਮ ਆਦਮੀ ਕਲੀਨਿਕ ਲੋੜਵੰਦ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਰੀਬ ਪੰਜ ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਜਿਨ੍ਹਾਂ ਨੂੰ ਲੋਕਾਂ ਵੱਲੋਂ ਹਾਂ ਪੱਖੀ ਹੁੰਗਾਰਾ ਮਿਲਿਆ ਹੈ ਅਤੇ ਉਸੇ ਤਰਜ਼ ਉੱਤੇ ਹੁਣ ਹਲਕਾ ਸੁਨਾਮ ਵਿਖੇ ਸ਼ਹਿਰੀ ਤੇ ਪੇਂਡੂ ਲੋਕਾਂ ਦੀ ਸਿਹਤ ਨੂੰ ਪ੍ਰਮੁੱਖਤਾ ਦਿੰਦੇ ਹੋਏ ਜਖੇਪਲ ਚੌਵਾਸ, ਉੱਭਾਵਾਲ, ਗੱਗੜਪੁਰ, ਪੁਰਾਣਾ ਹਸਪਤਾਲ ਸੁਨਾਮ ਅਤੇ ਗੁਰਦੁਆਰਾ ਸਾਹਿਬ ਜਾਖਲ ਰੋਡ ਵਿਖੇ ਇਹ ਕਲੀਨਿਕ ਅਤਿ ਆਧੁਨਿਕ ਸਿਹਤ ਸੁਵਿਧਾਵਾਂ ਪ੍ਰਦਾਨ ਕਰਨਗੇ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਚਾਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਹੁਣ ਹੋਰ ਸਥਾਨਾਂ ਤੇ ਕਲੀਨਿਕ ਸਥਾਪਤ ਹੋਣ ਨਾਲ ਯਕੀਨੀ ਤੌਰ ‘ਤੇ ਸਿਹਤ ਸਹੂਲਤਾਂ ਦਾ ਫਾਇਦਾ ਵਧੇਰੇ ਲੋੜਵੰਦਾਂ ਨੂੰ ਮਿਲੇਗਾ।
ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮਰੀਜ਼ਾਂ ਦਾ ਬਿਨਾਂ ਕਿਸੇ ਖੱਜਲ-ਖ਼ੁਆਰੀ ਤੋਂ ਮੁਫ਼ਤ ਇਲਾਜ ਕਰਨ ਦੇ ਨਾਲ ਨਾਲ ਲਗਭਗ 41 ਵੱਖ-ਵੱਖ ਤਰਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕਰਕੇ ਰਿਪੋਰਟਾਂ ’ਤੇ ਆਧਾਰਤ ਦਵਾਈਆਂ ਬਿਲਕੁਲ ਮੁਫ਼ਤ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਐੱਸਡੀਐੱਮ ਜਸਪ੍ਰੀਤ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ, ਐਡਵੋਕੇਟ ਹਰਦੀਪ ਸਿੰਘ ਭਰੂਰ, ਜਰਨੈਲ ਸਿੰਘ, ਰਾਜ ਸ਼ਰਮਾ, ਗੁਰਚਰਨ ਸਿੰਘ, ਲਾਲ ਸਿੰਘ ਮੈਂਬਰ, ਦੇਵ ਸਿੰਘ, ਲਾਭ ਸਿੰਘ ਵੀ ਹਾਜ਼ਰ ਸਨ।