ਚੰਡੀਗੜ੍ਹ, 21 ਅਗਸਤ 2023: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਬਿਹਾਰ ਵਿੱਚ ਜਾਤੀ ਆਧਾਰਿਤ ਗਣਨਾ ਦੀ ਇਜਾਜ਼ਤ ਦੇਣ ਵਾਲੇ ਪਟਨਾ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ, “ਪਟਨਾ ਹਾਈ ਕੋਰਟ ਦੇ ਫੈਸਲੇ ‘ਤੇ ਉਦੋਂ ਤੱਕ ਰੋਕ ਨਹੀਂ ਲਗਾਈ ਜਾਵੇਗੀ ਜਦੋਂ ਤੱਕ ਜਾਤੀ ਆਧਾਰਿਤ ਗਣਨਾ ਦਾ ਵਿਰੋਧ ਕਰਨ ਵਾਲੇ ਇਹ ਨਹੀਂ ਦੱਸਦੇ ਕਿ ਇਹ ਕਿਵੇਂ ਗਲਤ ਹੈ।”
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਵੀ ਸੱਤ ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਆਪਣਾ ਜਵਾਬ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ, ਦਰਅਸਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜਾਤੀ ਆਧਾਰਿਤ ਗਣਨਾ ਦੇ ਗੰਭੀਰ ਪ੍ਰਭਾਵ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 28 ਅਗਸਤ ਨੂੰ ਹੋਵੇਗੀ।