ਦੇਸ਼, 12 ਅਗਸਤ 2025: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (Delhi-NCR) ‘ਚ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਅਜਿਹੇ ਵਾਹਨਾਂ ਦੇ ਮਾਲਕਾਂ ਵਿਰੁੱਧ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਵੇਗੀ।
ਇਹ ਹੁਕਮ ਚੀਫ਼ ਜਸਟਿਸ (ਸੀਜੇਆਈ) ਬੀ.ਆਰ. ਗਵਈ, ਜਸਟਿਸ ਕੇ. ਵਿਨੋਦ ਚੰਦਰਨ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਨੇ ਦਿੱਤਾ। ਇਹ ਫੈਸਲਾ ਉਦੋਂ ਆਇਆ ਜਦੋਂ ਦਿੱਲੀ ਸਰਕਾਰ ਵੱਲੋਂ ਸਾਲਿਸਿਟਰ ਜਨਰਲ (ਐਸਜੀ) ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਅਜਿਹੇ ਵਾਹਨਾਂ ਦੇ ਮਾਲਕਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ।
ਸੁਪਰੀਮ ਕੋਰਟ ਨੇ ਕਿਹਾ ਕਿ ਨੋਟਿਸ ਜਾਰੀ ਕੀਤਾ ਜਾਵੇ | ਇਸਦੇ ਨਾਲ ਹੀ ਇਸ ਸੰਬੰਧੀ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਗਿਆ ਹੈ। ਇਸ ਦੌਰਾਨ ਅਸੀਂ ਨਿਰਦੇਸ਼ ਦਿੰਦੇ ਹਾਂ ਕਿ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਮਾਲਕਾਂ ਵਿਰੁੱਧ ਕੋਈ ਸਖ਼ਤੀ ਨਾ ਕੀਤੀ ਜਾਵੇ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ 10 ਸਾਲ ਪੁਰਾਣੇ ਡੀਜ਼ਲ ਅਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣਾ ਅਨੁਚਿਤ ਹੈ।
Read More: ਆਵਾਰਾ ਕੁੱਤਿਆਂ ਵਿਰੁੱਧ ਕਾਰਵਾਈ ‘ਚ ਰੁਕਾਵਟ ਪਾਉਣ ਵਾਲੇ ਖ਼ਿਲਾਫ ਕੀਤੀ ਜਾਵੇ ਕਾਰਵਾਈ: ਸੁਪਰੀਮ ਕੋਰਟ