ਚੰਡੀਗੜ੍ਹ, 21 ਅਪ੍ਰੈਲ 2023: (Godhra incident) ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗੁਜਰਾਤ ਦੇ ਗੋਧਰਾ ਰੇਲਵੇ ਸਟੇਸ਼ਨ ਤੋਂ ਥੋੜ੍ਹੀ ਹੀ ਦੂਰੀ ‘ਤੇ 27 ਫਰਵਰੀ 2002 ਨੂੰ ਸਾਬਰਮਤੀ ਐਕਸਪ੍ਰੈਸ ਟਰੇਨ ਦੀ ਬੋਗੀ ਨੂੰ ਅੱਗ ਲਾਉਣ ਵਾਲੇ ਅੱਠ ਦੋਸ਼ੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਉਮਰ ਕੈਦ ਦੀ ਸਜ਼ਾ ਕੱਟ ਰਹੇ ਇਨ੍ਹਾਂ ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੱਤੀ ਹੈ ਕਿਉਂਕਿ ਇਹ ਸਾਰੇ ਪਹਿਲਾਂ ਹੀ 17 ਤੋਂ 20 ਸਾਲ ਦੀ ਸਜ਼ਾ ਕੱਟ ਚੁੱਕੇ ਹਨ। ਪਰ ਅਦਾਲਤ ਨੇ ਇਸੇ ਕੇਸ ਦੇ ਚਾਰੇ ਦੋਸ਼ੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਨ੍ਹਾਂ ਨੂੰ ਹੇਠਲੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ, ਪਰ ਫਿਰ ਹਾਈਕੋਰਟ ਨੇ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਸੀ ।
ਕੀ ਸੀ ਗੋਧਰਾ ਕਾਂਡ?
ਦਰਅਸਲ, 27 ਫਰਵਰੀ 2002 ਨੂੰ ਗੁਜਰਾਤ ਦੇ ਗੋਧਰਾ ਸਟੇਸ਼ਨ ਤੋਂ ਰਵਾਨਾ ਹੋਈ ਸਾਬਰਮਤੀ ਐਕਸਪ੍ਰੈਸ ਟਰੇਨ ਦੀ ਇੱਕ ਬੋਗੀ ਨੂੰ ਭੜਕੀ ਹੋਈ ਭੀੜ ਨੇ ਅੱਗ ਲਗਾ ਦਿੱਤੀ ਸੀ, ਜਿਸ ਵਿੱਚ 59 ਜਣਿਆਂ ਦੀ ਮੌਤ ਹੋ ਗਈ ਸੀ। ਟਰੇਨ ‘ਚ ਸਵਾਰ ਯਾਤਰੀ ਹਿੰਦੂ ਸ਼ਰਧਾਲੂ ਸਨ ਅਤੇ ਅਯੁੱਧਿਆ ਤੋਂ ਵਾਪਸ ਆ ਰਹੇ ਸਨ।
ਇਸ ਘਟਨਾ ਤੋਂ ਬਾਅਦ ਗੁਜਰਾਤ ਦੇ ਕਈ ਇਲਾਕਿਆਂ ਵਿਚ ਫਿਰਕੂ ਹਿੰਸਾ ਭੜਕ ਗਈ, ਜਿਸ ਵਿਚ ਸੈਂਕੜੇ ਲੋਕ ਮਾਰੇ ਗਏ। ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਬੁਲਾਉਣੀ ਪਈ। ਇਸ ਮਾਮਲੇ ‘ਚ 1500 ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਟਰੇਨ ਸਾੜਨ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ‘ਤੇ ਪੋਟਾ (POTA) ਲਗਾਇਆ ਗਿਆ ਸੀ।
ਇਸ ਮਾਮਲੇ (Godhra incident) ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 27 ਦੋਸ਼ੀਆਂ ਨੇ ਜ਼ਮਾਨਤ ਅਰਜ਼ੀਆਂ ਦਾਇਰ ਕੀਤੀਆਂ ਸਨ, ਜਿਨ੍ਹਾਂ ‘ਚੋਂ 8 ਅਰਜ਼ੀਆਂ ਮਨਜ਼ੂਰ ਹੋ ਚੁੱਕੀਆਂ ਹਨ। ਇੱਕ ਦੋਸ਼ੀ ਦੀ ਅਗਾਊਂ ਜ਼ਮਾਨਤ ਦੀ ਮਿਆਦ ਉਸ ਦੀ ਪਤਨੀ ਦੇ ਕੈਂਸਰ ਹੋਣ ਕਾਰਨ ਪਹਿਲਾਂ ਹੀ ਵਧਾ ਦਿੱਤੀ ਗਈ ਸੀ। ਇਸ ਮਾਮਲੇ ‘ਚ ਵਿਸ਼ੇਸ਼ ਅਦਾਲਤ ਨੇ ਕੁੱਲ 31 ਜਣਿਆਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ 63 ਹੋਰਾਂ ਨੂੰ ਬਰੀ ਕਰ ਦਿੱਤਾ ਗਿਆ ਸੀ। ਗੋਧਰਾ ਕਾਂਡ ਦੇ 31 ਦੋਸ਼ੀਆਂ ਵਿਚੋਂ 11 ਨੂੰ ਫਾਂਸੀ ਅਤੇ 20 ਨੂੰ ਵਿਸ਼ੇਸ਼ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ।