July 4, 2024 11:52 pm
Ashish Mishra

ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

ਚੰਡੀਗੜ੍ਹ, 26 ਸਤੰਬਰ 2023: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ (Ashish Mishra) ਦੀ ਅੰਤਰਿਮ ਜ਼ਮਾਨਤ ਦੀਆਂ ਸ਼ਰਤਾਂ ਵਿੱਚ ਬਦਲਾਵ ਕੀਤਾ ਹੈ। ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਲੀ ਵਿੱਚ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ। ਆਪਣੀ ਬੀਮਾਰ ਮਾਂ ਦੀ ਦੇਖਭਾਲ ਕਰਨ ਅਤੇ ਆਪਣੀ ਧੀ ਦਾ ਇਲਾਜ ਕਰਵਾਉਣ ਲਈ ਦਿੱਲੀ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਇਹ ਸ਼ਰਤ ਰੱਖੀ ਹੈ ਕਿ ਉਹ ਲੰਬਿਤ ਕੇਸ ਦੇ ਸਬੰਧ ਵਿੱਚ ਕਿਸੇ ਵੀ ਜਨਤਕ ਸਮਾਗਮ ਵਿੱਚ ਹਿੱਸਾ ਨਹੀਂ ਲੈਣਗੇ। ਇਸਦੇ ਨਾਲ ਹੀ ਉਨ੍ਹਾਂ ਨੂੰ ਮੀਡੀਆ ਨੂੰ ਸੰਬੋਧਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੇ ਯੂਪੀ ਵਿੱਚ ਦਾਖ਼ਲੇ ‘ਤੇ ਪਾਬੰਦੀ ਵੀ ਜਾਰੀ ਰਹੇਗੀ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਕਿਸਾਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹ ਗਈ ਸੀ। ਜਿਸ ਵਿੱਚ ਕੁਝ ਕਿਸਾਨਾਂ ਦੀ ਮੌਤ ਹੋ ਗਈ ਸੀ । ਇਸ ਘਟਨਾ ਤੋਂ ਬਾਅਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ (Ashish Mishra) ‘ਤੇ ਕਿਸਾਨਾਂ ਦੇ ਕਤਲ ਦਾ ਦੋਸ਼ ਲੱਗਾ ਸੀ। ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਫਿਲਹਾਲ ਉਹ ਜ਼ਮਾਨਤ ‘ਤੇ ਰਿਹਾਅ ਹੈ।

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਨੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਸ਼ਰਤੀਆ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਆਸ਼ੀਸ਼ ਮਿਸ਼ਰਾ ਅਤੇ ਉਸ ਦੇ ਪਰਿਵਾਰ ਨੂੰ ਸਬੰਧਤ ਕੇਸ ਵਿੱਚ ਗਵਾਹਾਂ ਤੋਂ ਦੂਰ ਰਹਿਣ ਦਾ ਹੁਕਮ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਜੇਕਰ ਆਸ਼ੀਸ਼ ਮਿਸ਼ਰਾ ਜਾਂ ਉਨ੍ਹਾਂ ਦੇ ਪਰਿਵਾਰ ਨੇ ਮਾਮਲੇ ਨਾਲ ਜੁੜੇ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਕਿਸੇ ਵੀ ਤਰ੍ਹਾਂ ਜ਼ਮਾਨਤ ਦੀਆਂ ਸ਼ਰਤਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਤਾਂ ਜ਼ਮਾਨਤ ਰੱਦ ਕਰ ਦਿੱਤੀ ਜਾਵੇਗੀ।