Site icon TheUnmute.com

Punjab News: ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿੱਤੇ ਇਹ ਹੁਕਮ

Supreme Court

ਚੰਡੀਗੜ੍ਹ, 11 ਨਵੰਬਰ 2024: ਸੁਪਰੀਮ ਕੋਰਟ (Supreme Court) ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਨਗਰ ਨਿਗਮਾਂ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਪੰਜਾਬ ਸਰਕਾਰ ਦੀ ਤਰਫੋਂ ਸੁਪਰੀਮ ਕੋਰਟ ‘ਚ ਅਪੀਲ ਦਾਇਰ ਕੀਤੀ ਗਈ ਸੀ।

ਸੁਪਰੀਮ ਕੋਰਟ (Supreme Court) ਨੇ ਇਹ ਵੀ ਸਾਫ਼ ਕਿਹਾ ਹੈ ਕਿ ਚੋਣ ਪ੍ਰਕਿਰਿਆ ਅੱਠ ਹਫ਼ਤਿਆਂ ‘ਚ ਪੂਰੀ ਕੀਤੀ ਜਾਵੇ। ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ‘ਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕੋਰਟ ਆਰਡਰ ਨੋਟਿਸ ਜਾਰੀ ਕਰਕੇ 10 ਦਿਨਾਂ ਦੇ ਅੰਦਰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਹਾਲਾਂਕਿ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਦੀਆਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਨਗਰ ਨਿਗਮਾਂ ਅਤੇ 42 ਨਗਰ ਕੌਂਸਲਾਂ ਦਾ ਪੰਜ ਸਾਲਾ ਕਾਰਜਕਾਲ ਸਮਾਪਤ ਹੋ ਚੁੱਕਾ ਹੈ, ਪਰ ਸਰਕਾਰ ਨੇ ਅਜੇ ਤੱਕ ਚੋਣਾਂ ਨਹੀਂ ਕਰਵਾਈਆਂ।

ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚਿਆ ਸੀ। ਇਸ ਦੌਰਾਨ 14 ਅਕਤੂਬਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਚੋਣ ਸਬੰਧੀ ਨੋਟੀਫਿਕੇਸ਼ਨ 15 ਦਿਨਾਂ ਦੇ ਅੰਦਰ ਵਾਰਡਬੰਦੀ ਤੋਂ ਬਿਨਾਂ ਜਾਰੀ ਕੀਤਾ ਜਾਵੇ। ਪਰ ਇਹ ਕਾਰਵਾਈ ਮਿੱਥੇ ਸਮੇਂ ਵਿੱਚ ਨਹੀਂ ਹੋ ਸਕੀ, ਇਸ ਦੌਰਾਨ ਸਰਕਾਰੀ ਛੁੱਟੀਆਂ ਵੀ ਆਈਆਂ।

ਇਸ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਣਹਾਨੀ ਨੋਟਿਸ ਜਾਰੀ ਕੀਤਾ ਸੀ। ਇਸਦੇ ਨਾਲ ਹੀ ਅਦਾਲਤ ਨੇ 10 ਦਿਨਾਂ ਦੇ ਅੰਦਰ ਚੋਣ ਨੋਟੀਫਿਕੇਸ਼ਨ ਜਾਰੀ ਕਰਨ ਲਈ ਵੀ ਕਿਹਾ ਸੀ । ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ 50 ਹਜ਼ਾਰ ਰੁਪਏ ਜੁਰਮਾਨਾ ਲਗਾਇਆ ਜਾਵੇਗਾ ਅਤੇ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ।

Exit mobile version