ਚੰਡੀਗੜ੍ਹ, 20 ਦਸੰਬਰ 2024: ਸੁਪਰੀਮ ਕੋਰਟ ਨੇ ਕਿਸਾਨੀ ਮੰਗਾਂ ਲਈ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੇ ਹਸਪਤਾਲ ‘ਚ ਭਰਤੀ ਹੋਣ ਦਾ ਫੈਸਲਾ ਅੱਜ ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਡਾਕਟਰਾਂ ‘ਤੇ ਛੱਡ ਦਿੱਤਾ ਹੈ।
ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਧਿਆਨ ਰੱਖਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ, ਜੋ 24 ਦਿਨਾਂ ਤੋਂ ਮਰਨ ਵਰਤ ‘ਤੇ ਹਨ। ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਸਿਹਤ ਅਧਿਕਾਰੀਆਂ ਤੋਂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ 2 ਜਨਵਰੀ ਤੱਕ ਰਿਪੋਰਟ ਮੰਗੀ ਹੈ ਅਤੇ ਕਿਹਾ ਕਿ ਲੋੜ ਪੈਣ ‘ਤੇ ਪੰਜਾਬ ਸਰਕਾਰ ਅਦਾਲਤ ਤੱਕ ਪਹੁੰਚ ਕਰ ਸਕਦੀ ਹੈ।
ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ 70 ਸਾਲਾ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਵਾਲੀ ਥਾਂ ਦੇ 700 ਮੀਟਰ ਦੇ ਅੰਦਰ ਸਥਾਪਤ ਅਸਥਾਈ ਹਸਪਤਾਲ ‘ਚ ਤਬਦੀਲ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਸਾਨ ਆਗੂ ਦੀ ਸਿਹਤ ਦੀ ਹਾਲਤ ਬਾਰੇ ਮੁੱਖ ਸਕੱਤਰ ਨੂੰ ਹਲਫ਼ਨਾਮਾ ਸੌਂਪਦਿਆਂ ਕਿਹਾ ਕਿ ਡੱਲੇਵਾਲ ਨੂੰ ਜ਼ਬਰਦਸਤੀ ਥਾਂ ਤੋਂ ਹਟਾਉਣ ਨਾਲ ਉਨ੍ਹਾਂ ਨੂੰ ਧੱਕਾ ਲੱਗ ਸਕਦਾ ਹੈ ਅਤੇ ਸਥਿਤੀ ਹੋਰ ਵਿਗੜ ਸਕਦੀ ਹੈ। ਬੈਂਚ ਨੇ ਕਿਹਾ ਕਿ ਅਧਿਕਾਰੀ ਉਨ੍ਹਾਂ ਨੂੰ ਹਸਪਤਾਲ ਲਿਜਾਣ ਲਈ ਮਨਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖ ਸਕਦੇ ਹਨ।
ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਬੈਂਚ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਦੀ ਸਿਹਤ ਬਾਰੇ ਹਲਫ਼ਨਾਮਾ ਪੇਸ਼ ਕਰਨ ਅਤੇ ਉਸ ਨੂੰ ਨੇੜਲੇ ਹਸਪਤਾਲ ‘ਚ ਤਬਦੀਲ ਕਰਨ ਲਈ ਕਿਹਾ ਸੀ, ਜਿੱਥੇ ਦਿਨ-ਰਾਤ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਸਕੇ।
ਗੁਰਮਿੰਦਰ ਸਿੰਘ ਵੱਲੋਂ 19 ਦਸੰਬਰ ਨੂੰ ਬੈਂਚ ਨੂੰ ਸੂਚਿਤ ਕੀਤਾ ਸੀ ਕਿ ਡੱਲੇਵਾਲ ਸਹਿਯੋਗ ਕਰ ਰਹੇ ਹਨ ਅਤੇ ਵੀਰਵਾਰ ਨੂੰ ਉਨ੍ਹਾਂ ਦੇ ਈਸੀਜੀ ਅਤੇ ਖੂਨ ਦੇ ਨਮੂਨੇ ਸਮੇਤ ਕਈ ਟੈਸਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਫਿਲਹਾਲ ਸਥਿਰ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਮਰਨ ਵਰਤ ‘ਤੇ ਬੈਠੇ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਵਾਉਣ ‘ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਸੀ |
Read More: Farmers Protest 2024: ਕਿਸਾਨਾਂ ਦੇ ਹੱਕ ‘ਚ ਡਟੀਆ ਹਰਿਆਣਾ ਦੀਆਂ ਖਾਪ ਪੰਚਾਇਤਾਂ