July 3, 2024 1:40 pm
Hemant Soren

ਸੁਪਰੀਮ ਕੋਰਟ ਨੇ ਹੇਮੰਤ ਸੋਰੇਨ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ, ਆਖਿਆ- ਹਾਈ ਕੋਰਟ ਕਿਉਂ ਨਹੀਂ ਜਾਂਦੇ ?

ਚੰਡੀਗੜ੍ਹ, 02 ਫਰਵਰੀ 2024: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ । ਸੁਪਰੀਮ ਕੋਰਟ ਨੇ ਸੋਰੇਨ ਨੂੰ ਪੁੱਛਿਆ ਕਿ ਤੁਸੀਂ ਹਾਈ ਕੋਰਟ ਕਿਉਂ ਨਹੀਂ ਜਾਂਦੇ? ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਇਹ ਮਾਮਲਾ ਮੁੱਖ ਮੰਤਰੀ ਨਾਲ ਸਬੰਧਤ ਹੈ, ਜਿਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਸਾਰਿਆਂ ਲਈ ਖੁੱਲ੍ਹੀਆਂ ਹਨ ਅਤੇ ਹਾਈ ਕੋਰਟ ਸੰਵਿਧਾਨਕ ਅਦਾਲਤਾਂ ਹਨ। ਤੁਹਾਨੂੰ ਹਾਈ ਕੋਰਟ ਜਾਣਾ ਚਾਹੀਦਾ ਹੈ।

ਆਪਣੀ ਪਟੀਸ਼ਨ ‘ਚ ਹੇਮੰਤ ਸੋਰੇਨ (Hemant Soren) ਨੇ ਈਡੀ ‘ਤੇ ਦੋਸ਼ ਲਗਾਇਆ ਹੈ ਕਿ ਉਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਸੋਚੀ ਸਮਝੀ ਸਾਜ਼ਿਸ਼ ਦੇ ਹਿੱਸੇ ਵਜੋਂ ਗ੍ਰਿਫਤਾਰ ਕੀਤਾ ਗਿਆ ਹੈ। ਪਟੀਸ਼ਨ ‘ਚ ਮਨੈਂਤੋ ਸੋਰੇਨ ਨੇ ਸੁਪਰੀਮ ਕੋਰਟ ਨੂੰ ਈਡੀ ਦੁਆਰਾ ਉਸ ਦੀ ਗ੍ਰਿਫਤਾਰੀ ਨੂੰ ਅਨੁਚਿਤ, ਮਨਮਾਨੀ ਅਤੇ ਉਸ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਣ ਦੀ ਬੇਨਤੀ ਕੀਤੀ ਹੈ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਈਡੀ ਅਧਿਕਾਰੀਆਂ ਨੇ ਕੇਂਦਰ ਸਰਕਾਰ ਦੇ ਨਿਰਦੇਸ਼ਾਂ ‘ਤੇ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕੀਤੀ ਹੈ, ਕਿਉਂਕਿ ਪਟੀਸ਼ਨਕਰਤਾ ਹੇਮੰਤ ਸੋਰੇਨ ਦੀ ਪਾਰਟੀ ਜੇਐਮਐਮ ਵਿਰੋਧੀ ਗਠਜੋੜ ਇੰਡੀਆ ਦਾ ਇੱਕ ਸਰਗਰਮ ਹਿੱਸਾ ਹੈ। ਸੋਰੇਨ ਦੀ ਗ੍ਰਿਫਤਾਰੀ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ, ਇਹ ਕਾਰਵਾਈ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਹੈ।

ਬੁੱਧਵਾਰ ਨੂੰ ਈਡੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸੱਤ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਈਡੀ ਦੀ ਹਿਰਾਸਤ ਵਿੱਚ ਰਾਜਪਾਲ ਨਾਲ ਮੁਲਾਕਾਤ ਕਰਕੇ ਸੋਰੇਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।