Site icon TheUnmute.com

ਸੁਪਰੀਮ ਕੋਰਟ ਵੱਲੋਂ ਸਤਿੰਦਰ ਜੈਨ ਦੀ ਜ਼ਮਾਨਤ ਪਟੀਸ਼ਨ ਖਾਰਜ, ਤੁਰੰਤ ਆਤਮ ਸਮਰਪਣ ਕਰਨ ਦੇ ਹੁਕਮ

Satinder Jain

ਚੰਡੀਗੜ੍ਹ, 18 ਮਾਰਚ 2024: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਸਤਿੰਦਰ ਕੁਮਾਰ ਜੈਨ (Satinder Jain)  ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਸਤਿੰਦਰ ਜੈਨ ਦੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਨੂੰ ਛੇਤੀ ਹੀ ਆਤਮ ਸਮਰਪਣ ਕਰਨਾ ਹੋਵੇਗਾ। ਜੈਨ ਨੂੰ ਤੁਰੰਤ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।

ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਪੰਕਜ ਮਿਥਲ ਦੀ ਬੈਂਚ ਨੇ ਜੈਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਨੁਮਾਇੰਦਗੀ ਕਰ ਰਹੇ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 17 ਜਨਵਰੀ, 2024 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

14 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ‘ਆਪ’ ਸਰਕਾਰ ਦੇ ਸਾਬਕਾ ਮੰਤਰੀ ਸਤਿੰਦਰ ਜੈਨ ਨੂੰ ਮੈਡੀਕਲ ਆਧਾਰ ‘ਤੇ ਇਸ ਮਾਮਲੇ ‘ਚ ਦਿੱਤੀ ਅੰਤਰਿਮ ਜ਼ਮਾਨਤ 8 ਜਨਵਰੀ ਤੱਕ ਵਧਾ ਦਿੱਤੀ ਸੀ। ਸੁਪਰੀਮ ਕੋਰਟ ਨੇ 26 ਮਈ 2023 ਨੂੰ ਡਾਕਟਰੀ ਆਧਾਰ ‘ਤੇ ਜੈਨ ਨੂੰ ਅੰਤਰਿਮ ਜ਼ਮਾਨਤ ਦਿੱਤੀ ਸੀ ਅਤੇ ਇਸ ਨੂੰ ਸਮੇਂ-ਸਮੇਂ ‘ਤੇ ਵਧਾਇਆ ਜਾਂਦਾ ਰਿਹਾ ਹੈ।

ਸਤਿੰਦਰ ਜੈਨ (Satinder Jain) ਨੇ ਦਿੱਲੀ ਹਾਈ ਕੋਰਟ ਦੇ 6 ਅਪ੍ਰੈਲ, 2023 ਦੇ ਉਸ ਦੀ ਨਿਯਮਤ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਨ ਦੇ ਆਦੇਸ਼ ਨੂੰ ਚੁਣੌਤੀ ਦਿੰਦੇ ਹੋਏ ਸਿਖਰਲੀ ਅਦਾਲਤ ਦਾ ਰੁਖ ਕੀਤਾ ਸੀ। ਈਡੀ ਨੇ ‘ਆਪ’ ਆਗੂ ਨੂੰ 30 ਮਈ, 2022 ਨੂੰ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਰਾਹੀਂ ਮਨੀ ਲਾਂਡਰਿੰਗ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਸੀ।

ਈਡੀ ਨੇ ਜੈਨ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ 2017 ਵਿੱਚ ਦਰਜ ਸੀਬੀਆਈ ਐਫਆਈਆਰ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਸੀ। ਸਤਿੰਦਰ ਜੈਨ ਨੂੰ ਹੇਠਲੀ ਅਦਾਲਤ ਨੇ ਸੀਬੀਆਈ ਦੁਆਰਾ ਦਰਜ ਕੀਤੇ ਕੇਸ ਵਿੱਚ 6 ਸਤੰਬਰ 2019 ਨੂੰ ਨਿਯਮਤ ਜ਼ਮਾਨਤ ਦਿੱਤੀ ਸੀ।

Exit mobile version