ਚੰਡੀਗੜ੍ਹ, 7 ਮਈ 2024: ਸੁਪਰੀਮ ਕੋਰਟ ਦੀ ਬੈਂਚ ਨੇ ਅੱਜ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ | ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਹੀ ਉੱਠ ਗਿਆ ਅਤੇ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ। ਸੁਪਰੀਮ ਕੋਰਟ ’ਚ ਵੀਰਵਾਰ ਜਾਂ ਅਗਲੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਸੁਪਰੀਮ ਕੋਰਟ ਨੇ ਜ਼ਮਾਨਤ ਦਾ ਵਿਰੋਧ ਕਰ ਰਹੀ ਈਡੀ ਨੂੰ ਕਿਹਾ ਕਿ ਚੋਣਾਂ ਹੋ ਰਹੀਆਂ ਹਨ ਅਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਹੀ ਆਉਂਦੀਆਂ ਹਨ। ਕੋਰਟ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਅਸੀਂ ਤੁਹਾਨੂੰ ਜ਼ਮਾਨਤ ਦੇ ਦਿੰਦੇ ਹਾਂ ਤਾਂ ਤੁਸੀਂ ਸਰਕਾਰੀ ਡਿਊਟੀ ਨਹੀਂ ਕਰੋਗੇ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਸਰਕਾਰ ਵਿੱਚ ਦਖ਼ਲਅੰਦਾਜ਼ੀ ਕਰੋ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਸੀਂ ਕਿਸੇ ਫਾਈਲ ‘ਤੇ ਦਸਤਖਤ ਨਹੀਂ ਕਰਾਂਗੇ। ਸ਼ਰਤ ਇਹ ਹੈ ਕਿ ਫਾਈਲ ‘ਤੇ ਦਸਤਖਤ ਨਾ ਹੋਣ ਦੇ ਆਧਾਰ ‘ਤੇ LG ਕਿਸੇ ਵੀ ਕੰਮ ਨੂੰ ਨਾ ਰੋਕੇ। ਮੈਂ ਅਜਿਹਾ ਕੁਝ ਨਹੀਂ ਕਹਾਂਗਾ ਜਿਸ ਨਾਲ ਨੁਕਸਾਨ ਹੋਵੇ।ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਅਤੇ ਆਮ ਆਦਮੀ ਵਿੱਚ ਫਰਕ ਕਰਨਾ ਠੀਕ ਨਹੀਂ ਹੈ। ਸਿਆਸਤਦਾਨਾਂ ਲਈ ਵੱਖਰੀ ਸ਼੍ਰੇਣੀ ਨਾ ਬਣਾਓ, ਲੋਕਾਂ ਵਿੱਚ ਗਲਤ ਸੰਦੇਸ਼ ਜਾਵੇਗਾ।