ਚੰਡੀਗੜ੍ਹ, 19 ਮਾਰਚ 2024: ਸੁਪਰੀਮ ਕੋਰਟ ਨੇ ਬਾਬਾ ਰਾਮਦੇਵ (Baba Ramdev) ਅਤੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਤਲਬ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਦੋਵਾਂ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਬਾਅਦ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਨੇ ਨੇ ਬਾਬਾ ਰਾਮਦੇਵ ਅਤੇ ਕੰਪਨੀ ਦੇ ਐਮਡੀ ਅਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ ।
ਬੈਂਚ ਨੇ ਰਾਮਦੇਵ (Baba Ramdev) ਨੂੰ ਨੋਟਿਸ ਵੀ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਸ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ IMA ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਬਾਬਾ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਬਾਬਾ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਅਦਾਲਤ ਵਿੱਚ ਤਲਬ ਕੀਤਾ ਸੀ।
ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਤੋਂ ਤਿੰਨ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਇਸ ਤੋਂ ਇਲਾਵਾ ਕੰਪਨੀ ਦੇ ਇਸ਼ਤਿਹਾਰਾਂ ਦੀ ਛਪਾਈ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਲਈ ਕੰਪਨੀ ਨੇ ਅਦਾਲਤ ਵਿੱਚ ਅੰਡਰਟੇਕਿੰਗ ਵੀ ਦਿੱਤੀ ਸੀ ਪਰ ਇਸ ਦੇ ਬਾਵਜੂਦ ਇਸ਼ਤਿਹਾਰ ਛਪਵਾ ਦਿੱਤਾ ਗਿਆ। ਇਸ ‘ਤੇ ਅਦਾਲਤ ਨੇ ਸਖ਼ਤ ਰੁਖ਼ ਦਿਖਾਇਆ। ਇਸ਼ਤਿਹਾਰਾਂ ਵਿੱਚ ਬਾਬਾ ਰਾਮਦੇਵ ਦੀ ਤਸਵੀਰ ਵੀ ਸ਼ਾਮਲ ਕੀਤੀ ਗਈ ਸੀ, ਇਸ ਲਈ ਉਨ੍ਹਾਂ ਨੂੰ ਵੀ ਪਾਰਟੀ ਬਣਾਇਆ ਗਿਆ ਸੀ।