ਚੰਡੀਗੜ੍ਹ, 7 ਮਈ 2024: ਸ਼ਰਾਬ ਨੀਤੀ ਮਾਮਲੇ ‘ਚ ਤਿਹਾੜ ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਸ਼ੁਰੂ ਹੋ ਗਈ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਵਿੱਚ ਕੇਜਰੀਵਾਲ ਦੀ ਤਰਫੋਂ ਅਭਿਸ਼ੇਕ ਮਨੂ ਸਿੰਘਵੀ, ਈਡੀ ਦੀ ਤਰਫੋਂ ਏਐਸਜੀ ਐਸਵੀ ਰਾਜੂ ਅਤੇ ਐਸਜੀ ਤੁਸ਼ਾਰ ਮਹਿਤਾ ਦਲੀਲਾਂ ਦੇ ਰਹੇ ਹਨ।
ਸੁਪਰੀਮ ਕੋਰਟ ਨੇ ਕੇਜਰੀਵਾਲ ਦੇ ਵਕੀਲ ਨੂੰ ਕਿਹਾ ਕਿ ਜੇਕਰ ਉਹ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦਿੰਦੀ ਹੈ ਤਾਂ ਉਹ ਇਹ ਨਹੀਂ ਚਾਹੁੰਦੀ ਕਿ ਉਹ ਸਰਕਾਰੀ ਡਿਊਟੀਆਂ ਨਿਭਾਵੇ ਕਿਉਂਕਿ ਕਿਤੇ ਨਾ ਕਿਤੇ ਇਸ ਨਾਲ ਟਕਰਾਅ ਪੈਦਾ ਹੋ ਸਕਦਾ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਅਸੀਂ ਸਰਕਾਰ ਦੇ ਕੰਮਕਾਜ ਵਿਚ ਬਿਲਕੁਲ ਵੀ ਦਖ਼ਲ ਨਹੀਂ ਦੇਣਾ ਚਾਹੁੰਦੇ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਜੇਕਰ ਚੋਣਾਂ ਨਾ ਹੁੰਦੀਆਂ ਤਾਂ ਕੇਜਰੀਵਾਲ (Arvind Kejriwal) ਨੂੰ ਕੋਈ ਅੰਤਰਿਮ ਰਾਹਤ ਨਹੀਂ ਮਿਲਦੀ। ਸੁਪਰੀਮ ਕੋਰਟ ਨੇ ਕਿਹਾ ਕਿ ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ ਹਨ ਪਰ ਜੇਕਰ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਸਰਕਾਰੀ ਕੰਮਕਾਜ ਨਹੀਂ ਕਰਨਗੇ। ਸੁਪਰੀਮ ਕੋਰਟ ਦੁਪਹਿਰ 2 ਵਜੇ ਇਸ ਸੰਬੰਧੀ ਆਪਣਾ ਫੈਸਲਾ ਸੁਣਾ ਸਕਦੀ ਹੈ।