Chandigarh Mayor election

ਚੰਡੀਗੜ੍ਹ ਮੇਅਰ ਚੋਣ ਮਾਮਲੇ ‘ਚ ਸੁਪਰੀਮ ਕੋਰਟ ਦੀ ਟਿੱਪਣੀ, ਆਖਿਆ- ਇਹ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ

ਚੰਡੀਗੜ੍ਹ, 5 ਫਰਵਰੀ, 2024: ਚੰਡੀਗੜ੍ਹ ਮੇਅਰ ਚੋਣ (Chandigarh Mayor election) ਮਾਮਲੇ ‘ਚ ਸੁਪਰੀਮ ਕੋਰਟ ਨੇ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਕਰਨ ਦੇ ਬਰਾਬਰ ਹੈ। ਸੀਜੇਆਈ ਜਸਟਿਸ ਡੀਵਾਈ ਚੰਦਰਚੂੜ ਨੇ ਸੁਣਵਾਈ ਦੌਰਾਨ ਪੂਰੇ ਮਾਮਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਾਈਕੋਰਟ ਚੋਣਾਂ ਨੂੰ ਸਹੀ ਢੰਗ ਨਾਲ ਕਰਵਾਉਣ ‘ਚ ਨਾਕਾਮ ਰਹੀ ਹੈ।

ਚੀਫ਼ ਜਸਟਿਸ ਚੰਦਰਚੂੜ ਨੇ ਵਕੀਲ ਮਨਿੰਦਰ ਸਿੰਘ ਨੂੰ ਕਿਹਾ, “ਇਹ ਸਪੱਸ਼ਟ ਹੈ ਕਿ ਉਨ੍ਹਾਂ ਨੇ ਬੈਲਟ ਪੇਪਰਾਂ ਵਿੱਚ ਗੜਬੜੀ ਕੀਤੀ ਹੈ। ਉਸ ‘ਤੇ ਮੁਕੱਦਮਾ ਚੱਲਣਾ ਚਾਹੀਦਾ ਹੈ, ਉਹ ਕੈਮਰੇ ਵੱਲ ਕਿਉਂ ਦੇਖ ਰਿਹਾ ਹੈ, ਵਕੀਲ ਸਾਹਿਬ, ਇਹ ਲੋਕਤੰਤਰ ਦਾ ਮਜ਼ਾਕ ਅਤੇ ਲੋਕਤੰਤਰ ਦਾ ਕਤਲ ਹੈ, ਅਸੀਂ ਹੈਰਾਨ ਹਾਂ। ਕੀ ਇਹ ਰਿਟਰਨਿੰਗ ਅਫਸਰ ਦਾ ਵਤੀਰਾ ਹੈ? ਜਿੱਥੇ ਵੀ ਕਰਾਸ ਹੇਠਾਂ ਹੈ, ਉਹ ਇਸ ਨੂੰ ਨਹੀਂ ਛੂਹਦਾ ਅਤੇ ਜਦੋਂ ਇਹ ਉੱਪਰ ਹੁੰਦਾ ਹੈ ਤਾਂ ਉਹ ਇਸਨੂੰ ਬਦਲਦਾ ਹੈ, ਕਿਰਪਾ ਕਰਕੇ ਰਿਟਰਨਿੰਗ ਅਫਸਰ ਨੂੰ ਦੱਸੋ ਕਿ ਸੁਪਰੀਮ ਕੋਰਟ ਉਸ ‘ਤੇ ਨਜ਼ਰ ਰੱਖ ਰਹੀ ਹੈ।

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਇੱਕ ਢੁਕਵੇਂ ਅੰਤਰਿਮ ਆਦੇਸ਼ ਦੀ ਲੋੜ ਸੀ, ਜਿਸ ਨੂੰ ਹਾਈ ਕੋਰਟ ਜਾਰੀ ਕਰਨ ਵਿੱਚ ਅਸਫਲ ਰਹੀ ਹੈ। ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਮੇਅਰ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਪੂਰਾ ਰਿਕਾਰਡ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਤੋਂ ਜ਼ਬਤ ਕੀਤਾ ਜਾਵੇ ਅਤੇ ਬੈਲਟ ਪੇਪਰ ਅਤੇ ਵੀਡੀਓਗ੍ਰਾਫੀ ਵੀ ਸੁਰੱਖਿਅਤ ਰੱਖੀ ਜਾਵੇ। ਰਿਟਰਨਿੰਗ ਅਫਸਰ ਨੂੰ ਨੋਟਿਸ ਜਾਰੀ ਕਰਕੇ ਸਾਰਾ ਰਿਕਾਰਡ ਸੌਂਪਣ ਲਈ ਕਿਹਾ ਗਿਆ ਹੈ।

ਸੀਜੇਆਈ ਨੇ ਆਪਣੇ ਹੁਕਮ ਵਿੱਚ ਅੱਗੇ ਕਿਹਾ ਕਿ ਐਸਜੀ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਸਾਰਾ ਰਿਕਾਰਡ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੂੰ ਸੌਂਪ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਇਸ ਨੂੰ ਰਜਿਸਟਰਾਰ ਜਨਰਲ ਹਾਈਕੋਰਟ ਨੂੰ ਸੌਂਪਣਗੇ। ਚੰਡੀਗੜ੍ਹ ਨਗਰ ਨਿਗਮ ਦੀ ਹੋਣ ਵਾਲੀ ਬੈਠਕ ਅਗਲੀ ਤਾਰੀਖ਼ ਤੱਕ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਦੌਰਾਨ ਚੋਣਾਂ (Chandigarh Mayor election) ਨਾਲ ਸਬੰਧਤ ਸਾਰੇ ਦਸਤਾਵੇਜ਼ ਅੱਜ ਸ਼ਾਮ 5 ਵਜੇ ਤੱਕ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਸੌਂਪ ਦਿੱਤੇ ਜਾਣਗੇ। ਮਾਮਲੇ ਦੀ ਸੁਣਵਾਈ ਅਗਲੇ ਹਫਤੇ ਸੋਮਵਾਰ ਨੂੰ ਹੋਵੇਗੀ। ਅਦਾਲਤ ਦੇ ਹੁਕਮਾਂ ਤੋਂ ਬਾਅਦ ਮੰਗਲਵਾਰ ਨੂੰ ਚੰਡੀਗੜ੍ਹ ਨਿਗਮ ਦਾ ਬਜਟ ਪੇਸ਼ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਬਜਟ ਪੇਸ਼ ਨਾ ਕਰਨ ਲਈ ਕਿਹਾ ਹੈ।ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਜਿੱਤ ਲਈ ਸੀ ਅਤੇ ਤਿੰਨੋਂ ਅਹੁਦਿਆਂ ਨੂੰ ਬਰਕਰਾਰ ਰੱਖਿਆ ਸੀ। ਇਨ੍ਹਾਂ ਚੋਣਾਂ ‘ਚ ਆਪ ਅਤੇ ਕਾਂਗਰਸ ਗਠਜੋੜ ਨੇ ਰਲ਼ ਕੇ ਹਿੱਸਾ ਲਿਆ ਸੀ |

Scroll to Top