ਚੰਡੀਗੜ੍ਹ 13 ਸਤੰਬਰ 2022: ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਿਮੀਨ ਦੇ ਮੁਖੀ ਅਸਦੁਦੀਨ ਓਵੈਸੀ (Asaduddin Owaisi) ਨੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਮਦਰੱਸਿਆਂ ਦੇ ਸਰਵੇਖਣ ਵਿਰੁੱਧ ਆਵਾਜ਼ ਉਠਾਈ ਹੈ। ਓਵੈਸੀ ਨੇ ਇਨ੍ਹਾਂ ਸਰਵੇਖਣਾਂ ਨੂੰ ਮੁਸਲਿਮ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਵਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ, ਮਿਸ਼ਨਰੀ ਸਕੂਲਾਂ, ਸਰਕਾਰੀ ਸਕੂਲਾਂ ਅਤੇ ਯੂਨੀਅਨ ਸਕੂਲਾਂ ਦਾ ਵੀ ਸਰਵੇ ਕੀਤਾ ਜਾਵੇ। ਸਰਕਾਰੀ ਸਹਾਇਤਾ ਤੋਂ ਵਾਂਝੇ ਮਦਰੱਸਿਆਂ ਨੂੰ ਨਿਸ਼ਾਨਾ ਬਣਾਉਣਾ ਅਤੇ ਸਰਵੇਖਣ ਕਰਨਾ ਗਲਤ ਹੈ।
ਇਸ ਦੇ ਨਾਲ ਹੀ ਅਸਦੁਦੀਨ ਓਵੈਸੀ (Asaduddin Owaisi) ਨੇ ਕੇਂਦਰ ਸਰਕਾਰ ਨੂੰ ਇੱਕ ਹੋਰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਨਵੀਂ ਸੰਸਦ ਭਵਨ ਦਾ ਨਾਂ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਰੱਖਣਾ ਚਾਹੀਦਾ ਹੈ। ਉਨ੍ਹਾਂ ਤੇਲੰਗਾਨਾ ਵਿਧਾਨ ਸਭਾ ਵਿੱਚ ਇਸ ਨਾਲ ਸਬੰਧਤ ਮਤਾ ਪਾਸ ਕਰਨ ਲਈ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦਾ ਧੰਨਵਾਦ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਸੂਬੇ ਵਿੱਚ ਬਣ ਰਹੀ ਸਕੱਤਰੇਤ ਦੀ ਇਮਾਰਤ ਨੂੰ ਵੀ ਅੰਬੇਡਕਰ ਦਾ ਨਾਂ ਦਿੱਤਾ ਜਾਵੇ।
ਜ਼ਿਕਰਯੋਗ ਹੈ ਕਿ ਯੂਪੀ ਦੀ ਤਰਜ਼ ‘ਤੇ ਉੱਤਰਾਖੰਡ ‘ਚ ਮਦਰੱਸਿਆਂ ਦਾ ਸਰਵੇ ਕਰਨ ਦੀ ਗੱਲ ਕਹੀ ਗਈ ਹੈ। ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਹੈ ਕਿ ਉੱਤਰਾਖੰਡ ਵਿੱਚ ਮਦਰੱਸਿਆਂ ਦੇ ਕੰਮਕਾਜ, ਗਤੀਵਿਧੀਆਂ ਨੂੰ ਲੈ ਕੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਮਦਰੱਸਿਆਂ ਦਾ ਸਰਵੇਖਣ ਕੀਤਾ ਜਾਵੇਗਾ।