ਚੰਡੀਗੜ੍ਹ, 07 ਅਕਤੂਬਰ 2023: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ (SYL Issue) ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਕੋਰ ਕਮੇਟੀ ਦੀ ਬੈਠਕ ਸੱਦੀ ਗਈ। ਇਸ ਬੈਠਕ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਦੇ ਨਾਲ ਹੀ ਭਾਜਪਾ ਪੰਜਾਬ ‘ਚ ਐਸਵਾਈਐਲ ਮੁੱਦੇ ‘ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦੀ ਯੋਜਨਾ ਵੀ ਤਿਆਰ ਕਰੇਗੀ।
ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਭਾਜਪਾ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਪਾਣੀ ਦੇ ਮੁੱਦੇ ’ਤੇ ਪੰਜਾਬ ਭਾਜਪਾ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਭਾਜਪਾ ਵਲੋਂ ਇਸ ਸੰਬੰਧੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨੂੰ ਨਹੀਂ ਦੇਣ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ।