SYL issue

SYL ਮੁੱਦੇ ‘ਤੇ ਅਧਿਕਾਰੀ ਪੱਧਰ ‘ਤੇ ਹੋਵੇਗੀ ਚਰਚਾ, ਪੰਜਾਬ-ਹਰਿਆਣਾ ‘ਚ ਬਣੀ ਸਹਿਮਤੀ

ਹਰਿਆਣਾ, 28 ਜਨਵਰੀ 2026: SYL ਮੁੱਦੇ ‘ਤੇ ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਵਿਚਕਾਰ ਮੰਗਲਵਾਰ ਨੂੰ ਚੰਡੀਗੜ੍ਹ ‘ਚ ਇੱਕ ਮਹੱਤਵਪੂਰਨ ਬੈਠਕ ਹੋਈ। ਇਸ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ਼ਰੂਤੀ ਚੌਧਰੀ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੀ ਮੌਜੂਦ ਸਨ।

ਦੋਵਾਂ ਸੂਬਿਆਂ ਦੀ ਬੈਠਕ ਤੋਂ ਬਾਅਦ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੈਠਕ ਬਾਰੇ ਜਾਣਕਾਰੀ ਦੇਣ ਲਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ॥ ਦਾ ਸੰਦੇਸ਼ ਦਿੱਤਾ ਸੀ। ਇਹ ਗੁਰੂਆਂ ਦੀ ਪਵਿੱਤਰ ਧਰਤੀ ਹੈ, ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਕੀਮਤੀ ਰਤਨ ਹਨ ਅਤੇ ਸਾਡਾ ਮਾਰਗਦਰਸ਼ਨ ਕਰਦੀਆਂ ਹਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੈਠਕ ਬਹੁਤ ਹੀ ਸਕਾਰਾਤਮਕ ਅਤੇ ਸਦਭਾਵਨਾਪੂਰਨ ਮਾਹੌਲ ‘ਚ ਹੋਈ। ਜਦੋਂ ਵਿਚਾਰ-ਵਟਾਂਦਰਾ ਸਕਾਰਾਤਮਕ ਮਾਹੌਲ ਵਿੱਚ ਹੁੰਦਾ ਹੈ, ਤਾਂ ਨਤੀਜੇ ਫਲਦਾਇਕ ਹੁੰਦੇ ਹਨ। ਮੁੱਖ ਮੰਤਰੀ ਨਾਇਬ ਸੈਣੀ ਨੇ ਕਿਹਾ ਕਿ ਦੋਵਾਂ ਸੂਬਿਆ ਨੇ ਆਪਸੀ ਸਹਿਮਤੀ ਨਾਲ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦੇ ਪੱਧਰ ‘ਤੇ ਬੈਠਕਾਂ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਐਸਵਾਈਐਲ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਸਕੇ, ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਵੱਲ ਅੱਗੇ ਵਧਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਯਮਿਤ ਤੌਰ ‘ਤੇ ਬੈਠਕਾਂ ਕੀਤੀਆਂ ਜਾ ਰਹੀਆਂ ਹਨ, ਅਤੇ ਇਹ ਵੀ ਬੈਠਕ ਵੀ ਇਸੇ ਦਿਸ਼ਾ ‘ਚ ਹੋਈ ਹੈ। ਪਿਛਲੀਆਂ ਬੈਠਕਾਂ ਵੀ ਕੇਂਦਰੀ ਜਲ ਸਰੋਤ ਮੰਤਰੀ ਸੀਆਰ ਪਾਟਿਲ ਦੀ ਵਿਚੋਲਗੀ ਹੇਠ ਹੋਈਆਂ ਹਨ। ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੈਠਕ ਬਹੁਤ ਹੀ ਚੰਗੇਮਾਹੌਲ ਵਿੱਚ ਹੋਈ ਅਤੇ ਇਹ ਸਹਿਮਤੀ ਬਣੀ ਕਿ ਦੋਵਾਂ ਸੂਬਿਆਂ ਦੇ ਅਧਿਕਾਰੀ ਪਹਿਲਾਂ ਇਸ ਮੁੱਦੇ ‘ਤੇ ਚਰਚਾ ਕਰਨ ਲਈ ਮਿਲਣਗੇ।

ਇਸ ਮੌਕੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ਼ ਖੁੱਲਰ, ਪੰਜਾਬ ਦੇ ਮੁੱਖ ਸਕੱਤਰ ਕੇ.ਪੀ. ਸਿਨਹਾ, ਹਰਿਆਣਾ ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਅਤੇ ਦੋਵਾਂ ਸੂਬਿਆਂ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਦੋਵਾਂ ਸੂਬਿਆਂ ਦੇ ਐਡਵੋਕੇਟ ਜਨਰਲ ਵੀ ਮੌਜੂਦ ਸਨ।

Read More: ਹਰਿਆਣਾ ਸਰਕਾਰ ਵੱਲੋਂ 5 IAS ਅਤੇ 1 IRPS ਅਧਿਕਾਰੀ ਦਾ ਤਬਾਦਲਾ

ਵਿਦੇਸ਼

Scroll to Top