ਚੰਡੀਗੜ੍ਹ 24 ਅਗਸਤ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant singh maan) ਚੇਨਈ ਵਿਖੇ ਤਾਮਿਲਨਾਡੂ ਸਰਕਾਰ ਦੇ ਮੁੱਖ ਮੰਤਰੀ ਨਾਸ਼ਤਾ ਯੋਜਨਾ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਵਿਲਸਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਉਨ੍ਹਾਂ ਨੂੰ ਇਸ ਵਿਸ਼ੇਸ਼ ਸਮਾਗਮ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ 26 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਹਿਰੀ ਖੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਦਾ ਐਲਾਨ ਕੀਤਾ ਜਾਵੇਗਾ।
ਰਾਜ ਸਭਾ ਮੈਂਬਰ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੋਵੇਗੀ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੀ ਅਗਵਾਈ ਹੇਠ ਤਾਮਿਲਨਾਡੂ (tamilnadu) ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਪ੍ਰਗਤੀਸ਼ੀਲ ਅਤੇ ਭਲਾਈ ਯੋਜਨਾਵਾਂ ਦੀ ਸ਼ਲਾਘਾ ਕੀਤੀ। ਇਸ ਪਹਿਲਕਦਮੀ ਬਾਰੇ ਬੋਲਦਿਆਂ, ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਕਿ 2022 ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਨਾਸ਼ਤਾ ਯੋਜਨਾ ਨੇ ਸ਼ਾਨਦਾਰ ਨਤੀਜੇ ਦਿੱਤੇ ਹਨ, ਜਿਸ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਵਿੱਚ ਸੁਧਾਰ, ਬੱਚਿਆਂ ਲਈ ਵਿਸ਼ੇਸ਼ ਅਧਿਆਪਨ ਸੈਸ਼ਨ ਅਤੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਵਿੱਚ ਬਿਮਾਰੀ ਦਰ ਵਿੱਚ ਕਮੀ ਸ਼ਾਮਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਨੇ ਇਹ ਯਕੀਨੀ ਬਣਾਇਆ ਹੈ ਕਿ ਬੱਚੇ ਭੁੱਖੇ ਸਕੂਲ ਨਾ ਜਾਣ, ਉਨ੍ਹਾਂ ਦੀ ਪੋਸ਼ਣ ਸਥਿਤੀ ਵਿੱਚ ਸੁਧਾਰ, ਸਿੱਖਣ ਦੀ ਯੋਗਤਾ ਵਿੱਚ ਵਾਧਾ ਅਤੇ ਕੰਮਕਾਜੀ ਮਾਵਾਂ ‘ਤੇ ਬੋਝ ਘਟਾਉਣ। ਉਨ੍ਹਾਂ ਦੱਸਿਆ ਕਿ ਹੁਣ ਤੱਕ 34,987 ਸਕੂਲਾਂ ਦੇ 7.53 ਲੱਖ ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਉਠਾਇਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਅਜਿਹੀ ਮਹੱਤਵਾਕਾਂਖੀ ਅਤੇ ਲੋਕ-ਕੇਂਦ੍ਰਿਤ ਪਹਿਲਕਦਮੀ ਦੇ ਵਿਸਥਾਰ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਵੇਗੀ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਮਾਜ ਦੇ ਵਾਂਝੇ ਅਤੇ ਪਛੜੇ ਵਰਗਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਯੋਜਨਾਵਾਂ ਸਮੇਂ ਦੀ ਲੋੜ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਰਾਸ਼ਟਰੀ ਰਾਜਨੀਤਿਕ ਵਿਚਾਰ-ਵਟਾਂਦਰੇ ਵਿੱਚ ਇੱਕ ਮੁੱਖ ਮੁੱਦਾ ਬਣਾਇਆ ਹੈ ਅਤੇ ਇਹ ਦੋਵੇਂ ਖੇਤਰ ਚੰਗੇ ਸ਼ਾਸਨ ਦਾ ਅਧਾਰ ਹਨ।
Read More: CM ਮਾਨ ਨੇ ਮਸ਼ਹੂਰ ਪੰਜਾਬੀ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ