Tarunpreet Singh Sond

ਤਰੁਨਪ੍ਰੀਤ ਸਿੰਘ ਸੌਂਦ ਨੇ ਸਨਅਤਕਾਰਾਂ ਨੂੰ ਇਨ੍ਹਾਂ ਮੰਗਾਂ ‘ਤੇ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 12 ਨਵੰਬਰ 2024: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਅੱਜ ਉਦਯੋਗ ਭਵਨ ਵਿਖੇ ਸੂਬੇ ਦੇ ਉੱਘੇ ਸਨਅਤਕਾਰਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਹੈ | ਇਸ ਮੌਕੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਸਨਅਤਕਾਰਾਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਨਅਤਕਾਰਾਂ ਦੀ ਤਰੱਕੀ ਲਈ ਤੇਜ਼ੀ ਨਾਲ ਅਤੇ ਸਾਰਥਕ ਉਪਰਾਲੇ ਕਰ ਰਹੀ ਹੈ ਅਤੇ ਸਨਅਤਕਾਰਾਂ ਦੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਵੱਧ ਹੈ |

ਤਰੁਣਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਵੱਖ-ਵੱਖ ਉਦਯੋਗਿਕ ਫੈਡਰੇਸ਼ਨਾਂ, ਚੈਂਬਰਾਂ ਅਤੇ ਸਨਅਤਕਾਰਾਂ ਨੂੰ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਸਨਅਤਕਾਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਛੇਤੀ ਅਮਲੀ ਜਾਮਾ ਪਹਿਨਾਇਆ ਜਾਵੇਗਾ | ਉਦਯੋਗ ਮੰਤਰੀ ਨੇ ਕਿਹਾ ਕਿ ਵਨ ਟਾਈਮ ਸਕੀਮ (ਓ.ਟੀ.ਐਸ.) ਅਤੇ ਕੁਝ ਨੀਤੀਗਤ ਫੈਸਲੇ ਹਨ ਜਿਨ੍ਹਾਂ ਲਈ ਮੁੱਖ ਮੰਤਰੀ ਤੋਂ ਸਲਾਹ ਅਤੇ ਮਾਰਗਦਰਸ਼ਨ ਦੀ ਲੋੜ ਹੁੰਦੀ ਹੈ, ਇਸ ਲਈ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੰਗਾਂ ਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਤਰੁਣਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਭਰੋਸਾ ਦਿਵਾਇਆ ਕਿ ਪੰਜਾਬ ‘ਚ ਸਨਅਤਕਾਰਾਂ ਲਈ ਬਿਹਤਰ ਅਤੇ ਅਨੁਕੂਲ ਮਾਹੌਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਤਾਲਮੇਲ ਸਥਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਉਦਯੋਗਪਤੀਆਂ ਨੇ ਪੀ.ਐਸ.ਆਈ.ਈ.ਸੀ. ਨਾਲ ਸਬੰਧਤ ਕੁਝ ਮੁੱਦੇ ਅਤੇ ਸੁਝਾਅ ਉਨ੍ਹਾਂ ਦੇ ਧਿਆਨ ‘ਚ ਲਿਆਂਦੇ ਜਿਨ੍ਹਾਂ ਦੇ ਹੱਲ ਲਈ ਉਦਯੋਗ ਮੰਤਰੀ ਨੇ ਸਹਿਯੋਗ ਦਾ ਭਰੋਸਾ ਦਿੱਤਾ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਦੀ ਸਾਂਭ-ਸੰਭਾਲ ਦਾ ਕੰਮ ਕ੍ਰਮਵਾਰ ਪੂਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਸਨਅਤ ਖੇਤਰਾਂ ਅਤੇ ਪਲਾਟਾਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।

ਕੈਬਿਨਟ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਸਨਅਤ ਅਤੇ ਵਣਜ ਮੰਤਰੀ ਦਾ ਅਹੁਦਾ ਸੰਭਾਲਿਆ ਹੈ, ਉਹ ਸੂਬੇ ਦੇ ਸਨਅਤ ਖੇਤਰ ਦੇ ਵਿਕਾਸ ਅਤੇ ਤਰੱਕੀ ਲਈ ਸਾਰਥਕ ਨੀਤੀਆਂ ਅਤੇ ਯੋਜਨਾਵਾਂ ਲਿਆਉਣ ਲਈ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਸਨਅਤਕਾਰਾਂ ਨਾਲ ਲਗਾਤਾਰ ਬੈਠਕਾਂ ਕਰ ਰਹੇ ਹਨ।

ਉਨ੍ਹਾਂ ਸਨਅਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਨਅਤਕਾਰਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਨਵੇਂ ਸਨਅਤਾਂ ਦੀ ਸਥਾਪਨਾ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।

Scroll to Top