Site icon TheUnmute.com

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ

Shaheed Bhagat Singh

ਖਟਕੜ ਕਲਾਂ, (ਬੰਗਾ) 28 ਸਤੰਬਰ 2024: ਪੰਜਾਬ ਦੇ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ (Shaheed Bhagat Singh) ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨਾ ਸਿਰਫ ਭਾਰਤ ਬਲਕਿ ਪੂਰੇ ਵਿਸ਼ਵ ਦਾ ਮਾਣ ਹਨ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ. ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦਿੰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਵਚਨਬੱਧ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੂਰਾ ਪੰਜਾਬ ਇਸ ਮਹਾਨ ਸ਼ਹੀਦ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਤਹਿਤ ਸੂਬੇ ‘ਚ ਮੁੜ ਤੋਂ ਮੇਲੇ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸੇ ਸਬੰਧ ‘ਚ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਰੋਜ਼ਾ ‘ਇਨਕਲਾਬ ਮੇਲਾ’ ਲਗਾਇਆ ਗਿਆ ਹੈ। ਇਹ ‘ਇਨਕਲਾਬ ਮੇਲਾ’ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਲਈ ਬੇਹੱਦ ਸਹਾਈ ਸਿੱਧ ਹੋਵੇਗਾ।

ਸੌਂਦ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਖਟਕੜ ਕਲਾਂ ਵਿਖੇ ਸਹੁੰ ਚੁੱਕੀ ਸੀ ਅਤੇ ਅੱਜ ਸੂਬੇ ਦੇ ਸਰਕਾਰੀ ਦਫ਼ਤਰਾਂ ‘ਚ ਆਜ਼ਾਦੀ ਦੇ ਅਸਲ ਨਾਇਕਾਂ ਦੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਸੀਐੱਮ ਭਗਵੰਤ ਮਾਨ ਨੇ ਵੀ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਪਿਓ ਕਿਸ਼ਨ ਸਿੰਘ ਦੀ ਸਮਾਧ ’ਤੇ ਜਾ ਕੇ ਸ਼ਹੀਦ ਦੇ ਬੁੱਤ ’ਤੇ ਮੱਥਾ ਟੇਕ ਕੇ ਸ਼ਰਧਾਂਜਲੀ ਭੇਟ ਕੀਤੀ।

ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਮ੍ਹਾ ਰੌਸ਼ਨ ਕਰਕੇ ਇਨਕਲਾਬ ਮੇਲੇ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਮਹਿੰਦਰ ਭਗਤ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸੰਤੋਸ਼ ਕਟਾਰੀਆ ਤੇ ਡਾ: ਸੁਖਵਿੰਦਰ ਸੁੱਖੀ ਤੇ ਹੋਰ ਪਤਵੰਤੇ ਹਾਜ਼ਰ ਸਨ।

ਵਰਨਣਯੋਗ ਹੈ ਕਿ ਇਸ ਦੋ ਦਿਨ ਚੱਲਣ ਵਾਲੇ ਇਨਕਲਾਬ ਮੇਲੇ ਦੌਰਾਨ ਸ਼ਾਨਦਾਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ‘ਚ ਨਾਮਵਰ ਗਾਇਕਾਂ ਅਤੇ ਕਲਾਕਾਰਾਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਮੇਲੇ ਦੌਰਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਨਾਟਕ, ਵੱਖ-ਵੱਖ ਪ੍ਰਦਰਸ਼ਨੀਆਂ ਅਤੇ ਸਟਾਲ ਲਗਾਏ ਗਏ ਹਨ। ਖਾਣ-ਪੀਣ ਦੀਆਂ ਸਟਾਲਾਂ ਤੋਂ ਇਲਾਵਾ ਝੂਲੇ ਬੱਚਿਆਂ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਹਨ।

Exit mobile version