Tarunpreet Singh Sond

ਤਰੁਨਪ੍ਰੀਤ ਸਿੰਘ ਸੌਂਦ ਦੀ ਮੋਗਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਨਾਲ ਮੀਟਿੰਗ, ਦਿੱਤੀਆਂ ਸਖ਼ਤ ਹਦਾਇਤਾਂ

ਲੁਧਿਆਣਾ 19 ਮਾਰਚ 2025: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਾ ਵਿਰੁੱਧ” ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਪੂੰਜੀ ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ (Tarunpreet Singh Sond) ਨੇ ਬੀਤੇ ਨੂੰ ਮੋਗਾ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਪੰਜਾਬ ‘ਚ ਕੋਈ ਥਾਂ ਨਹੀਂ ਹੈ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ।

ਕੈਬਨਿਟ ਮੰਤਰੀ ਸੌਂਦ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ‘ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾਂਦਾ ਅਤੇ ਨਸ਼ਾ ਤਸਕਰਾਂ ਨੂੰ ਪੂਰੀ ਤਰ੍ਹਾਂ ਨੱਥ ਨਹੀਂ ਪਾਈ ਜਾਂਦੀ।

ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੋਗਾ ‘ਚ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਇੱਕ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਅਤੇ ਸਕੂਲਾਂ ਅਤੇ ਕਾਲਜਾਂ ‘ਚ ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਦੀ ਲਤ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਕੈਬਨਿਟ ਮੰਤਰੀ (Tarunpreet Singh Sond) ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਚਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਨਾਟਕ ਕਰਵਾਉਣ’ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਆਪਸੀ ਤਾਲਮੇਲ ਨਾਲ ਇਸ ਦਿਸ਼ਾ ਵਿੱਚ ਕੰਮ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀ ਵੀ ਮਦਦ ਲਈ ਜਾਵੇ ਅਤੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾਵੇ ਕਿ ਉਹ ਨਸ਼ਾ ਤਸਕਰਾਂ ਬਾਰੇ ਪੁਲਿਸ ਪ੍ਰਸ਼ਾਸਨ ਨੂੰ ਖੁੱਲ੍ਹ ਕੇ ਜਾਣਕਾਰੀ ਦੇਣ, ਉਨ੍ਹਾਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਨਸ਼ੇ ਦੀ ਦਲਦਲ ‘ਚ ਫਸਿਆ ਹੋਇਆ ਹੈ ਤਾਂ ਉਸਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ‘ਚ ਲਿਜਾਇਆ ਜਾਵੇ। ਸਰਕਾਰ ਵਾਅਦਾ ਕਰਦੀ ਹੈ ਕਿ ਅਜਿਹੇ ਵਿਅਕਤੀ ਨੂੰ ਇੱਕ ਨਵਾਂ ਜੀਵਨ ਅਤੇ ਸਿਹਤਮੰਦ ਜੀਵਨ ਜਿਉਣ ਦਾ ਮੌਕਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਸੌਂਦ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਚਾਹੁੰਦੀ ਹੈ ਅਤੇ ਨੌਜਵਾਨਾਂ ਨੂੰ ਗਲਤ ਰਸਤੇ ‘ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ‘ਚ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਇਸ ਨੰਬਰ ‘ਤੇ ਕਾਲ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਕੈਬਨਿਟ ਮੰਤਰੀ ਨੂੰ ਵਿਸਥਾਰ ‘ਚ ਜਾਣਕਾਰੀ ਦਿੱਤੀ ਕਿ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਪੂਰੇ ਨੈੱਟਵਰਕ ਦਾ ਸਫਾਇਆ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਹੈ, ਸਗੋਂ ਪੂਰੀ ਸਰਕਾਰ ਜ਼ਮੀਨੀ ਪੱਧਰ ‘ਤੇ ਇਸ ‘ਤੇ ਕੰਮ ਕਰ ਰਹੀ ਹੈ ਤਾਂ ਜੋ ਪੰਜਾਬ ‘ਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 1 ਮਾਰਚ 2025 ਤੋਂ 16 ਮਾਰਚ 2025 ਤੱਕ
1651 ਐਫਆਈਆਰ ਦਰਜ ਕੀਤੀਆਂ ਗਈਆਂ, 2575 ਗ੍ਰਿਫ਼ਤਾਰੀਆਂ, 95.264 ਕਿਲੋਗ੍ਰਾਮ ਹੈਰੋਇਨ, 1128 ਕਿਲੋਗ੍ਰਾਮ ਤੋਂ ਵੱਧ ਚੂਰਨ ਪੋਸਟ, 52.316 ਕਿਲੋਗ੍ਰਾਮ ਅਫੀਮ, 16 ਕਿਲੋਗ੍ਰਾਮ ਗਾਂਜਾ, 4.632 ਕਿਲੋਗ੍ਰਾਮ ਹਸ਼ੀਸ਼, 7,25,666 ਨਸ਼ੀਲੀਆਂ ਗੋਲੀਆਂ, 1733 ਲੀਟਰ ਲਾਹਣ, 64.26 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਅਤੇ 279 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ।

Read More: ਰਜਿਸਟਰਡ ਉਸਾਰੀ ਕਾਮੇ ਕਿਸੇ ਵੀ ਸਰਕਾਰੀ ਹਸਪਤਾਲ ‘ਚ ਬਣਵਾ ਸਕਦੇ ਨੇ ਆਯੂਸ਼ਮਾਨ ਕਾਰਡ: ਤਰੁਨਪ੍ਰੀਤ ਸਿੰਘ ਸੌਂਦ

Scroll to Top