ਚੰਡੀਗੜ੍ਹ, 23 ਸਤੰਬਰ 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ (1158 Assistant Professors) ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ‘ਚ ਵੱਡੀ ਰਾਹਤ ਦਿੱਤੀ ਹੈ | ਹਾਈਕੋਰਟ ਦੀ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਸਬੰਧੀ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰਦਿਆਂ ਇਹ ਭਰਤੀ ਪ੍ਰਕਿਰਿਆ ਨੂੰ ਮੁੜ ਬਹਾਲ ਕਰ ਦਿੱਤਾ ਹੈ।
ਇਸ ਫੈਸਲੇ ਤੋਂ ਬਾਅਦ 1158 ਅਸਿਸਟੈਂਟ ਪ੍ਰੋਫੈਸਰ ਅਤੇ ਲਾਇਬ੍ਰੇਰੀਅਨ ਯੂਨੀਅਨ ਦੇ ਆਗੂਆਂ ਨੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮਠਿਆਈਆਂ ਖੁਆਈਆਂ ਅਤੇ ਭਰਤੀ ਪ੍ਰਕਿਰਿਆ ਸਬੰਧੀ ਚੱਲ ਰਹੀ ਕਾਨੂੰਨੀ ਕਾਰਵਾਈ ‘ਚ ਦਿੱਤੀ ਮੱਦਦ ਲਈ ਧੰਨਵਾਦ ਕੀਤਾ ਹੈ ।
ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਆਦੇਸ਼ ਦਿੱਤੇ ਸਨ ਕਿ ਇਸ ਭਰਤੀ ਪ੍ਰਕਿਰਿਆ ਨੂੰ ਬਹਾਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨੂੰ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਮੁੜ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ ਜਾਵੇਗਾ।
1158 ਅਸਿਸਟੈਂਟ ਪ੍ਰੋਫੈਸਰ (1158 Assistant Professors) ਯੂਨੀਅਨ ਦੀ ਕਨਵੀਨਰ ਡਾ: ਜਸਵਿੰਦਰ ਕੌਰ ਨੇ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਫ਼ੋਨ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਸਹਿਯੋਗ ਤੋਂ ਬਿਨਾਂ ਇਸ ਮਾਮਲੇ ‘ਚ ਸਾਡੀ ਜਿੱਤ ਸੰਭਵ ਨਹੀਂ ਸੀ |
ਯੂਨੀਅਨ ਆਗੂ ਡਾ. ਸੁਹੇਲ, ਡਾ. ਬਲਵਿੰਦਰ ਸਿੰੰਘ ਚਹਿਲ, ਡਾ. ਹਰਜਿੰਦਰ ਸਿੰਘ , ਡਾ. ਕਰਮਜੀਤ ਸਿੰਘ, ਚਿਰਾਗ ਗਰਗ, ਤਜਿੰਦਰ ਸਿੰਘ ਅਤੇ ਡਾ. ਰੋਹਿਤ ਢੀਂਗਰਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਹਰਜੋਤ ਸਿੰਘ ਬੈਂਸ ਦੇ ਸਹਿਯੋਗ ਬਿਨ੍ਹਾਂ ਯੂਨੀਅਨ ਇਹ ਕੇਸ ਹਾਈ ਕੋਰਟ ‘ਚ ਨਹੀਂ ਜਿੱਤ ਸਕਦੀ ਸੀ।