ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਰਹੀ

ਚੰਡੀਗੜ੍ਹ 11 ਸਤੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਡਟ ਕੇ ਸਾਹਮਣਾ ਕਰ ਰਹੀ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਨਾਲ, ਸੂਬਾ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ, ਜਿਸ ਕਾਰਨ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪਟੜੀ ‘ਤੇ ਆ ਰਹੀ ਹੈ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕ ਸੰਪਰਕ, ਬਿਜਲੀ ਅਤੇ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਸਿੰਘਪੁਰ-ਪਲਾਸੀ ਦੇ ਵਸਨੀਕ ਹੁਣ ਰਾਹਤ ਕੈਂਪਾਂ ਤੋਂ ਘਰਾਂ ਨੂੰ ਪਰਤਣੇ ਸ਼ੁਰੂ ਕਰ ਦਿੱਤੇ ਹਨ। ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਟੀ ਦੁਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਸੰਪਰਕ ਟੁੱਟੇ ਹੋਏ ਪਿੰਡਾਂ ਨੂੰ ਦੁਬਾਰਾ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦੇ ਟੁੱਟੇ ਲੱਕੜ ਦੇ ਪੁਲ ਨੂੰ ਹੁਣ ਇੱਕ ਮਜ਼ਬੂਤ ​​ਮੋਟਰੇਬਲ ਪੁਲ ਨਾਲ ਬਦਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਫੌਗਿੰਗ ਅਤੇ ਦਵਾਈਆਂ ਦਾ ਛਿੜਕਾਅ ਪੂਰਾ ਹੋ ਗਿਆ ਹੈ, ਮੈਡੀਕਲ ਟੀਮਾਂ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਚਾਰੇ ਦੇ 10 ਟਰੱਕ ਵੰਡੇ ਗਏ ਹਨ। ਮਾਲ ਅਧਿਕਾਰੀਆਂ ਵੱਲੋਂ ਵਿਸ਼ੇਸ਼ ਗਿਰਦਾਵਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ‘ਤੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (harjot singh bains) ਪਿਛਲੇ ਕਈ ਹਫ਼ਤਿਆਂ ਤੋਂ ਲਗਾਤਾਰ ਆਪਣੇ ਹਲਕੇ ਵਿੱਚ ਮੌਜੂਦ ਹਨ ਅਤੇ ਪ੍ਰਸ਼ਾਸਨ ਨਾਲ ਸਥਿਤੀ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਖੁਦ ਵਲੰਟੀਅਰਾਂ, ਪੰਚਾਂ-ਸਰਪੰਚਾਂ ਅਤੇ ਯੂਥ ਕਲੱਬਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਇਸ ਸੰਕਟ ਦੇ ਸਮੇਂ ਦੌਰਾਨ ਉਨ੍ਹਾਂ ਨਾਲ ਕੰਮ ਕੀਤਾ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਭੋਆ ਹਲਕੇ ਦੇ ਪਿੰਡਾਂ ਬਕਨੌਰ, ਪੰਮਾ, ਅੰਬੀ ਖਟਕਰਨ, ਕੋਲੀਆਂ ਅੱਡਾ, ਅਨਿਆਲ ਦੇ 12 ਪਰਿਵਾਰਾਂ ਨੂੰ 51,000-51,000 ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਉੱਥੋਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਠੋਸ ਹੱਲ ਲੱਭਣ ਦਾ ਆਪਣਾ ਵਾਅਦਾ ਦੁਹਰਾਇਆ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਘੱਗਰ ਦਰਿਆ ਦੇ ਨੇੜਲੇ ਵੱਖ-ਵੱਖ ਪਿੰਡਾਂ ਕਡੈਲ, ਮੂਨਕ, ਫੂਲਦ ਵਿੱਚ ਘੱਗਰ ਦਰਿਆ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਘੱਗਰ ਦਰਿਆ ਦੇ ਹਮਲੇ ਤੋਂ ਲੋਕਾਂ ਨੂੰ ਬਚਾਉਣ ਲਈ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ​​ਕੀਤਾ ਹੈ, ਜਿਸ ਕਾਰਨ ਪਿਛਲੇ ਕਈ ਦਿਨਾਂ ਤੋਂ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਦੇ ਬਾਵਜੂਦ ਘੱਗਰ ਦਰਿਆ ਦੇ ਨੇੜਲੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਇਸ ਦੇ ਹਮਲੇ ਤੋਂ ਬਚ ਗਏ ਹਨ।

ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਬਹੁਤ ਚੌਕਸ ਹੈ, ਜਿੱਥੇ ਵੀ ਬੋਰੀਆਂ ਪਾਉਣ ਜਾਂ ਕਿਸੇ ਹੋਰ ਤਰ੍ਹਾਂ ਦਾ ਕੰਮ ਕਰਨ ਦੀ ਜ਼ਰੂਰਤ ਹੁੰਦੀ ਹੈ, ਉਹ ਤੁਰੰਤ ਕੀਤਾ ਜਾਂਦਾ ਹੈ। ਘੱਗਰ ਦਰਿਆ ‘ਤੇ ਹਰ ਕਿਲੋਮੀਟਰ ‘ਤੇ ਅਧਿਕਾਰੀਆਂ ਨੂੰ ਡਿਊਟੀ ‘ਤੇ ਲਗਾਇਆ ਗਿਆ ਹੈ ਤਾਂ ਜੋ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾ ਸਕੇ।

Read More: ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਹੁਣ ਤੱਕ 23,297 ਵਿਅਕਤੀਆਂ ਨੂੰ ਕੱਢਿਆ ਗਿਆ ਬਾਹਰ: ਹਰਦੀਪ ਸਿੰਘ ਮੁੰਡੀਆਂ

Scroll to Top