July 8, 2024 12:42 am
ਖਰੜ

“ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਨੂੰ ਖਰੜ ਸਬ-ਡਿਵੀਜ਼ਨ ‘ਚ ਮਿਲਿਆ ਭਰਵਾਂ ਹੁੰਗਾਰਾ

ਖਰੜ, 07 ਫਰਵਰੀ 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ” ਮੁਹਿੰਮ ਦੇ ਸਾਰਥਕ ਨਤੀਜੇ ਨਿਕਲੇ ਰਹੇ ਹਨ, ਵੱਡੀ ਗਿਣਤੀ ਵਿੱਚ ਲੋਕਾਂ ਨੂੰ ਇਸ ਮੁਹਿੰਮ ਤਹਿਤ ਲੱਗੇ ਕੈਂਪਾਂ ਵਿੱਚ ਮੌਕੇ ‘ਤੇ ਹੀ ਸਰਕਾਰੀ ਸਕੀਮਾਂ ਦਾ ਲਾਭ ਮਿਲ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ, ਖਰੜ ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਉਪ ਮੰਡਲ ਦੇ ਪਿੰਡ ਨੱਗਲਫੈਜਗੜ, ਤੋਲੇਮਾਜਰਾ, ਸਵਾੜਾ ਅਤੇ ਝੰਜੇੜੀ ਵਿਖੇ ਲਾਏ ਕੈਂਪਾਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਲੋਕਾਂ ਵੱਲੋਂ ਦਿੱਤੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਸਰਕਾਰੀ ਸਕੀਮਾਂ ਦੇ ਲਾਭ ਦਿੱਤੇ ਗਏ। ਐੱਸ ਡੀ ਐਮ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੌਕੇ ‘ਤੇ ਹੀ ਲੋਕਾਂ ਨੂੰ ਸੇਵਾਵਾਂ ਮਿਲ ਰਹੀਆਂ ਹਨ ਅਤੇ ਹੱਥੋਂ ਹੱਥ ਸਰਟੀਫਿਕੇਟ ਬਣਾ ਕੇ ਦਿੱਤੇ ਜਾ ਰਹੇ ਹਨ। ਉਹਨਾਂ ਨੇ ਲੋਕਾਂ ਨੂੰ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਐੱਸ ਡੀ ਐਮ ਨੇ ਕਿਹਾ ਕਿ ਸਰਕਾਰ ਨੇ ਇਨ੍ਹਾਂ ਕੈਂਪਾਂ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ ਪਹਿਲਾਂ ਲੋਕਾਂ ਨੂੰ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਮਾਰਨੇ ਪੈਂਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।