July 7, 2024 7:48 pm
Harjinder Singh Dhami

ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ: ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 20 ਸਤੰਬਰ 2023: 1984 ਦੇ ਦਿੱਲੀ ਸਿੱਖ ਕਤਲੇਆਮ ਦੌਰਾਨ ਸੁਲਤਾਨਪੁਰੀ ਇਲਾਕੇ ਦੀ ਘਟਨਾ ਨਾਲ ਸੰਬੰਧਿਤ ਮਾਮਲੇ ਵਿਚ ਸੱਜਣ ਕੁਮਾਰ (Sajjan Kumar) ਸਮੇਤ ਹੋਰ ਦੋਸ਼ੀਆਂ ਨੂੰ ਬਰੀ ਕਰਨ ਨਾਲ 38 ਸਾਲਾਂ ਤੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪੀੜਤਾਂ ਨੂੰ ਗਹਿਰੀ ਮਾਨਸਿਕ ਸੱਟ ਵੱਜੀ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰਾਂ ਦੀ ਢਿੱਲੀ ਕਾਰਗੁਜ਼ਾਰੀ ਨਾਲ ਦੋਸ਼ੀ ਰਿਹਾਅ ਹੋ ਰਹੇ ਹਨ।

ਉਨ੍ਹਾਂ ਆਖਿਆ ਕਿ ਸਰਕਾਰਾਂ ਦੀ ਇਹ ਜ਼ੁੰਮੇਵਾਰੀ ਹੈ ਕਿ ਸਿੱਖ ਵਿਰੋਧੀ ਕਰੂਰਕਾਰੇ ਦੇ ਸੱਚ ਨੂੰ ਅਦਾਲਤਾਂ ਸਾਹਮਣੇ ਪੇਸ਼ ਕਰਨ। ਪਰ ਸਰਕਾਰਾਂ ਸਹੀ ਤਰੀਕੇ ਨਾਲ ਪੱਖ ਰੱਖਣ ਵਿਚ ਨਾਕਾਮ ਸਾਬਤ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਜਣ ਕੁਮਾਰ (Sajjan Kumar) ਦਿੱਲੀ ਸਿੱਖ ਕਤਲੇਆਮ ਦੇ ਕਈ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮੌਜੂਦਾ ਸਮੇਂ ਵੀ ਜੇਲ੍ਹ ਅੰਦਰ ਸਜ਼ਾ ਕੱਟ ਰਿਹਾ ਹੈ। ਇਸ ਤੋਂ ਵੱਧ ਹੋਰ ਸਬੂਤ ਕੀ ਹੋ ਸਕਦਾ ਹੈ। ਉਨ੍ਹਾਂ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਇਸ ਫੈਸਲੇ ਖਿਲਾਫ਼ ਉੱਚ ਅਦਾਲਤ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਵਾਸਤੇ ਪਿੱਛੇ ਨਹੀਂ ਹਟੇਗੀ। ਜਿਕਰਯੋਗ ਹੈ ਕਿ ਅਦਾਲਤ ਨੇ ਇਸ ਮਾਮਲੇ ‘ਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।