ਫਤਿਹਗੜ੍ਹ ਸਾਹਿਬ , 03 ਫਰਵਰੀ 2024: ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ (Anganwadi Employees Union) ਦੇ ਵੱਲੋਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਹੈ । ਉੱਥੇ ਹੀ ਸੂਬਾ ਪ੍ਰਧਾਨ ਹਰਜੀਤ ਪੰਜੋਲਾ ਦੇ ਵੱਲੋਂ 2024 ਦੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਉਮੀਦਵਾਰਾਂ ਦਾ ਬਾਈਕਾਟ ਕਰਨ ਦੀ ਗੱਲ ਵੀ ਆਖੀ ਗਈ ਹੈ ।
ਇਸ ਮੌਕੇ ਗੱਲਬਾਤ ਕਰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ (Anganwadi Employees Union) ਪੰਜਾਬ ਦੀ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਉਹਨਾਂ ਵਲੋਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੀ ਸਰਕਾਰ ਬਣੀ ਨਹੀਂ ਸੀ, ਉਸ ਸਮੇਂ ਉਹਨਾਂ ਵਲੋਂ ਵਾਅਦਾ ਕੀਤਾ ਗਿਆ ਸੀ ਕਿ ਆਂਗਣਵਾੜੀ ਵਰਕਰਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਪੈਨਸ਼ਨ ਸਕੀਮ ਲਾਗੂ ਕਰਾਂਗੇ, ਪਰ ਹੋਇਆ ਕੁਝ ਵੀ ਨਹੀਂ।
ਉਨ੍ਹਾਂ ਕਿਹਾ ਕਿ ਇਹਨਾਂ ਵਲੋਂ ਆਮ ਲੋਕਾਂ ਨੂੰ ਵੀ ਝੂਠੇ ਲਾਰੇ ਲਾ ਕੇ ਵੋਟਾਂ ਲਈਆਂ ਅਤੇ ਸਰਕਾਰ ਬਣਾਈ ਹੈ। ਉਹਨਾਂ ਨੇ ਕਿਹਾ ਕਿ ਨਾ ਹੀ ਲੋਕਾਂ ਨੂੰ ਨਾ ਤਾਂ 15 ਲੱਖ ਰੁਪਏ ਦਿੱਤਾ, ਨਾ ਹੀ ਨੌਜਵਾਨਾਂ ਨੂੰ ਕੋਈ ਰੁਜ਼ਗਾਰ ਦਿੱਤਾ। ਪੰਜੋਲਾ ਨੇ ਕਿਹਾ ਕਿ ਕੇਂਦਰ ਸਰਕਾਰ ਸਿਰਫ ਸਰਮਾਏਦਾਰਾਂ ਦੀ ਸਰਕਾਰ ਹੈ। ਉਹਨਾਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ, ਉਸ ਵਿਚ ਵਰਕਰਾਂ ਅਣਦੇਖਿਆ ਕੀਤਾ ਗਿਆ ਹੈ। ਇਸ ਲਈ ਭਾਜਪਾ ਸਰਕਾਰ ਨਾ ਮਜ਼ਦੂਰਾਂ ਪੱਖੀ ਹੈ ਤੇ ਨਾ ਹੀ ਕਿਸਾਨਾਂ ਪੱਖੀ। ਇਸ ਮੌਕੇ ਪ੍ਰਧਾਨ ਪੰਜੋਲਾ ਨੇ ਕਿਹਾ ਕਿ ਲੋਕ ਸਭਾ 2024 ਦੀਆਂ ਚੋਣਾਂ ਵਿੱਚ ਜੋ ਵੀ ਭਾਜਪਾ ਦਾ ਐਮਪੀ ਉਮੀਦਵਾਰ ਹੋਵੇਗਾ ਉਸਦਾ ਵਿਰੋਧ ਕੀਤਾ ਜਾਵੇਗਾ।