ਪਟਿਆਲਾ, 24 ਅਕਤੂਬਰ 2023: ਪਟਿਆਲਾ (Patiala) ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 109 ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ ਮੰਡੀਆਂ ਵਿੱਚ 5 ਲੱਖ 22 ਹਜ਼ਾਰ 491 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਤੇ ਇਸ ਵਿਚੋਂ 5 ਲੱਖ 12 ਹਜ਼ਾਰ 737 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਜਿਣਸ ਦੀ 1012.21 ਕਰੋੜ ਰੁਪਏ ਦੀ ਅਦਾਇਗੀ ਵੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 228475 ਮੀਟਰਿਕ ਟਨ, ਮਾਰਕਫੈਡ ਵੱਲੋਂ 116349 ਮੀਟਰਿਕ ਟਨ, ਪਨਸਪ ਵੱਲੋਂ 99717 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 68196 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿਸਾਨ ਪਰਾਲੀ ਪ੍ਰਬੰਧਨ ਬਾਰੇ ਤੇ ਜ਼ਿਲ੍ਹੇ (Patiala) ਵਿੱਚ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਲੈਣ ਲਈ ਵਟਸਐਪ ਚੈਟ ਬੋਟ ਨੰਬਰ 73800-16070 ਉਤੇ ਸੰਪਰਕ ਕਰ ਸਕਦੇ ਹਨ, ਜਿਸ ਉਤੇ ਕਿਸਾਨਾਂ ਨੂੰ ਜ਼ਿਲ੍ਹੇ ਵਿੱਚ ਮੌਜੂਦ ਉਪਲਬਧ ਮਸ਼ੀਨਰੀ ਦੀ ਸੂਚੀ ਪ੍ਰਾਪਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸਾਨੂੰ ਸਭ ਨੂੰ ਰਲਕੇ ਹੰਭਲਾ ਮਾਰਨਾ ਹੋਵੇਗਾ, ਇਸ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ ਨੂੰ ਤਰਜੀਹ ਦੇਣ।