ਚੰਡੀਗੜ੍ਹ, 16 ਮਈ 2024: ਸਲੋਵਾਕੀਆ (Slovakia) ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਬੁੱਧਵਾਰ ਨੂੰ ਹੋਏ ਹਮਲੇ ਨੂੰ ਲੈ ਕੇ ਸਲੋਵਾਕੀਆ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਮੈਟਸ ਸੁਟੇਜ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀਐਮ ਫਿਕੋ ਨੂੰ ਮਾਰਨ ਦੀ ਕੋਸ਼ਿਸ਼ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਬੁੱਧਵਾਰ ਨੂੰ ਦਾਅਵਾ ਕੀਤਾ ਸੀ ਕਿ ਹਮਲੇ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਿਕੋ ‘ਤੇ ਹਮਲਾ ਰਾਜਨੀਤੀ ਤੋਂ ਪ੍ਰੇਰਿਤ ਸੀ।
ਹਾਲਾਂਕਿ, ਵੀਰਵਾਰ ਨੂੰ ਉਹ ਆਪਣੇ ਪਹਿਲੇ ਬਿਆਨ ਤੋਂ ਪਿੱਛੇ ਹਟ ਗਏ। ਵੀਰਵਾਰ ਨੂੰ ਉਨ੍ਹਾਂ ਨੇ ਕਿਹਾ ਕਿ ਹਮਲਾਵਰ ਕਿਸੇ ਸਿਆਸੀ ਸਮੂਹ ਨਾਲ ਸਬੰਧਤ ਨਹੀਂ ਸੀ। ਇਹ ਹਮਲਾ ਉਸ ਨੇ ਇਕੱਲਿਆਂ ਹੀ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਹਮਲੇ ਦੇ ਪਿੱਛੇ ਦਾ ਕਾਰਨ ਸਪੱਸ਼ਟ ਨਹੀਂ ਕੀਤਾ।
ਸਲੋਵਾਕੀਆ (Slovakia) ਦੇ ਪ੍ਰਧਾਨ ਮੰਤਰੀ ਰਾਬਰਟ ਫਿਕੋ ‘ਤੇ ਹਮਲਾ ਕਰਨ ਵਾਲੇ ਸ਼ੱਕੀ ‘ਤੇ ਯੋਜਨਾਬੱਧ ਤਰੀਕੇ ਨਾਲ ਮਾਰਨ ਦਾ ਦੋਸ਼ ਲਗਾਇਆ ਗਿਆ ਹੈ। ਅੰਦਰੂਨੀ ਮਾਮਲਿਆਂ ਦੇ ਮੰਤਰੀ ਨੇ ਕਿਹਾ ਕਿ ਉਹ ਇਸ ਹਮਲੇ ਦਾ ਇਕੱਲਾ ਮਾਸਟਰਮਾਈਂਡ ਹੈ। ਉਨ੍ਹਾਂ ਨੇ ਹਾਲ ਹੀ ‘ਚ ਪਿਛਲੇ ਮਹੀਨੇ ਹੋਈਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਸਰਕਾਰ ਵਿਰੋਧੀ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ ਸੀ। ਇਸ ਤੋਂ ਪਹਿਲਾਂ ਹਸਪਤਾਲ ਦੇ ਇਕ ਅਧਿਕਾਰੀ ਨੇ ਫਿਕੋ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਸੀ। ਉਸਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਹਾਲਤ ਨਾਜ਼ੁਕ ਪਰ ਸਥਿਰ ਸੀ।
ਫਿਕੋ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਫਿਕੋ ਸਰਕਾਰੀ ਮੀਟਿੰਗ ਤੋਂ ਬਾਅਦ ਆਪਣੇ ਸਮਰਥਕਾਂ ਨੂੰ ਮਿਲ ਰਿਹਾ ਸੀ। ਇਸ ਦੌਰਾਨ ਹਮਲਾਵਰ ਨੇ ਰਾਬਰਟ ਫਿਕੋ ਨੂੰ ਨੇੜੇ ਤੋਂ ਪੰਜ ਵਾਰ ਗੋਲੀ ਮਾਰ ਦਿੱਤੀ। ਪ੍ਰਧਾਨ ਮੰਤਰੀ ਦੇ ਸੁਰੱਖਿਆ ਕਰਮੀਆਂ ਨੇ ਹਮਲਾਵਰ ਨੂੰ ਮੌਕੇ ਤੋਂ ਫੜ ਲਿਆ, ਜਿਸ ਦੀ ਪਛਾਣ ਜੁਰਾਜ ਸਿੰਟੁਲਾ (71 ਸਾਲ) ਵਜੋਂ ਹੋਈ ਹੈ।