ਸ੍ਰੀ ਅਨੰਦਪੁਰ ਸਾਹਿਬ 28 ਦਸੰਬਰ 2022: ਸਾਹਿਬੇ ਕਮਾਲ, ਸਰਬੰਸਦਾਨੀ, ਖ਼ਾਲਸਾ ਪੰਥ ਦੇ ਸਿਰਜਣਹਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 29 ਦਸੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਦੀ ਇਤਿਹਾਸਕ ਧਰਤੀ ‘ਤੇ ਸ਼ਸ਼ੋਬਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੜੀ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ |
ਜਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਇਸ ਸਬੰਧੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੈ ਤਿੰਨ ਦਿਨਾਂ ਤੋਂ ਚੱਲ ਰਹੇ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਦੇ ਭੋਗ ਪਾਏ ਜਾਣਗੇ ਅਤੇ ਇਸ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਹਜੂਰੀ ਰਾਗੀ ਦਰਬਾਰ ਸਾਹਿਬ ਅਤੇ ਹਜੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਸਕੂਲਾਂ ਦੇ ਵਿਦਿਆਰਥੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕਰਨਗੇ | ਇਸ ਮੌਕੇ 10 ਤੋਂ ਵੱਧ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੇ |