ਬਠਿੰਡਾ, 3 ਮਾਰਚ 2023: ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਭਗਵੰਤ ਮਾਨ ਸਰਕਾਰ ਦੀ ਸ਼ਰਾਬ ਨੀਤੀ ਦੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਆਪਣਾ ਮੰਗ ਪੱਤਰ ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਨੂੰ ਸੌਂਪਿਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ, ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ, ਮੋਹਨ ਲਾਲ ਗਰਗ, ਵਿਨੋਦ ਬਿੰਟਾ, ਨਰਿੰਦਰ ਮਿੱਤਲ, ਗੁਲਸ਼ਨ ਵਧਵਾ, ਗੁਰਿੰਦਰ ਪਾਲ ਮਾਂਗਟ ਆਦਿ ਹਾਜ਼ਰ ਸਨ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਤੋਂ ਇਲਾਵਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੀ ਭ੍ਰਿਸ਼ਟਾਚਾਰ ਨਾਲ ਭਰੀ ਹੋਈ ਹੈ।
ਜਿਸ ਤਰ੍ਹਾਂ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਕੈਬਨਿਟ ਮੰਤਰੀ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸਲਾਖਾਂ ਪਿੱਛੇ ਚਲੇ ਗਏ ਹਨ, ਉਸੇ ਤਰ੍ਹਾਂ ਭਗਵੰਤ ਮਾਨ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਸਲਾਖਾਂ ਪਿੱਛੇ ਚਲੇ ਗਏ ਹਨ ਅਤੇ ਪਤਾ ਨਹੀਂ ਹੁਣ ਕਿਸ ਦੀ ਵਾਰੀ ਹੈ? ਕੇਜਰੀਵਾਲ ਸਰਕਾਰ ਦਾ ਉਪ ਮੁੱਖ ਮੰਤਰੀ ਭ੍ਰਿਸ਼ਟਾਚਾਰ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕਾ ਹੈ ਅਤੇ ਪੰਜ ਮਹੀਨਿਆਂ ਦੀ ਸੀ.ਬੀ.ਆਈ ਜਾਂਚ ਵਿੱਚ ਪੁਖਤਾ ਸਬੂਤਾਂ ਦੇ ਆਧਾਰ ‘ਤੇ ਦੋਸ਼ੀ ਸਾਬਤ ਹੋ ਕੇ ਅੱਜ ਸਲਾਖਾਂ ਪਿੱਛੇ ਪਹੁੰਚ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਇਮਾਨਦਾਰ ਹੋਣ ਦਾ ਝੂਠਾ ਮਖੌਟਾ ਹੁਣ ਉਤਰ ਗਿਆ ਹੈ ਅਤੇ ਜਨਤਾ ਹੁਣ ਉਨ੍ਹਾਂ ਨੂੰ ਸਬਕ ਸਿਖਾਉਣ ਲਈ ਤਿਆਰ ਹੈ।
ਸੂਬਾ ਮੀਤ ਪ੍ਰਧਾਨ ਦਿਆਲ ਦਾਸ ਸੋਢੀ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਨਵੀਂ ਆਬਕਾਰੀ ਨੀਤੀ ਲਿਆਂਦੀ ਹੈ। ਇਹ ਆਬਕਾਰੀ ਨੀਤੀ ਦਿੱਲੀ ਦੀ ਆਬਕਾਰੀ ਨੀਤੀ ਦੀ ਤਰਜ਼ ‘ਤੇ ਬਣਾਈ ਗਈ ਹੈ। ਦਿੱਲੀ ਦੀ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ, ਜਿਸ ਕਾਰਨ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਕਈ ਆਗੂ ਤੇ ਅਧਿਕਾਰੀ ਪੰਜ ਮਹੀਨੇ ਦੀ ਸੀਬੀਆਈ ਜਾਂਚ ਮਗਰੋਂ ਅੱਜ ਜੇਲ੍ਹ ਵਿੱਚ ਹਨ। ਇੱਥੋਂ ਤੱਕ ਕਿ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਨਾਮ ਵੀ ਇਸ ਚਾਰਜਸ਼ੀਟ ਵਿੱਚ ਹੈ।
ਸੂਬਾ ਮੀਡੀਆ ਇੰਚਾਰਜ ਸੁਨੀਲ ਸਿੰਗਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਭਗਵੰਤ ਮਾਨ ਵੱਲੋਂ ਪੰਜਾਬ ‘ਚ ਆਪਣੇ ਚਹੇਤੇ ਸ਼ਰਾਬ ਕਾਰੋਬਾਰੀਆਂ ਨੂੰ ਫਾਇਦਾ ਪਹੁੰਚਾਉਣ ਲਈ ਨਵੀਂ ਆਬਕਾਰੀ ਨੀਤੀ ਲਿਆਂਦੀ ਗਈ ਹੈ। ਇਸ ਨੀਤੀ ਨਾਲ ਪੰਜਾਬ ਵਿੱਚ ਸ਼ਰਾਬ ਦਾ ਕਾਰੋਬਾਰ ਦੋ ਪਰਿਵਾਰਾਂ ਦੇ ਹੱਥਾਂ ਵਿੱਚ ਚਲਾ ਜਾਵੇਗਾ।
ਪੰਜਾਬ ਦੇ ਸਾਰੇ ਵਪਾਰੀ ਵੀ ਇਸ ਦਾ ਸਖ਼ਤ ਵਿਰੋਧ ਕਰ ਰਹੇ ਹਨ। ਪੰਜਾਬ ਦੀ ਇਸ ਨਵੀਂ ਆਬਕਾਰੀ ਨੀਤੀ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਇਸ ਮੁੱਦੇ ‘ਤੇ ‘ਆਪ’ ਸਰਕਾਰ ਅਤੇ ਪੁਲਿਸ ਤੋਂ ਕਿਸੇ ਕਾਰਵਾਈ ਦੀ ਆਸ ਰੱਖਣਾ ਵਿਅਰਥ ਹੈ। ਭਾਰਤੀ ਜਨਤਾ ਪਾਰਟੀ ਨੇ ਮੰਗ ਕੀਤੀ ਕਿ ਪੰਜਾਬ ਦੀ ਆਬਕਾਰੀ ਨੀਤੀ ਦੀ ਤੁਰੰਤ ਸੀ.ਬੀ.ਆਈ ਜਾਂਚ ਕਰਵਾਈ ਜਾਵੇ ਤਾਂ ਜੋ ਪੰਜਾਬ ਦੇ ਵਸੀਲਿਆਂ ਦੀ ਹੋ ਰਹੀ ਲੁੱਟ ਨੂੰ ਰੋਕਿਆ ਜਾ ਸਕੇ | ਇਸ ਮੌਕੇ ਜ਼ਿਲਾ ਜਨਰਲ ਸਕੱਤਰ ਅਸ਼ੋਕ ਬਾਲਿਆਂਵਾਲੀ, ਉਮੇਸ਼ ਸ਼ਰਮਾ, ਜ਼ਿਲ੍ਹਾ ਮੀਤ ਪ੍ਰਧਾਨ ਵਰਿੰਦਰ ਸ਼ਰਮਾ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਵਿਕਰਮ ਗਰਗ ਆਦਿ ਹਾਜ਼ਰ ਸਨ।




