ਚੰਡੀਗੜ੍ਹ, 10 ਜੂਨ 2024: ਲੋਕ ਸਭਾ ਚੋਣਾਂ ਅਤੇ ਛੇ ਵਿਧਾਨ ਸਭਾ ਸੀਟਾਂ ਲਈ ਉਪ ਚੋਣਾਂ (by-election) ਦੇ ਨਤੀਜੇ ਐਲਾਨ ਦੇ ਹੀ ਹੁਣ ਹਿਮਾਚਲ ਪ੍ਰਦੇਸ਼ (Himachal Pradesh) ਦੀਆਂ ਤਿੰਨ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਨੇ ਆਪਣਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸੂਬੇ ‘ਚ ਆਜ਼ਾਦ ਵਿਧਾਇਕਾਂ ਦੇ ਅਸਤੀਫੇ ਕਾਰਨ ਖਾਲੀ ਹੋਈ ਦੇਹਰਾ , ਨਾਲਾਗੜ੍ਹ ਅਤੇ ਹਮੀਰਪੁਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ। ਇਸ ਦੇ ਨਾਲ ਹੀ ਜਿਸ ਵਿਧਾਨ ਸਭਾ ਹਲਕੇ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਇਨ੍ਹਾਂ ਸੀਟਾਂ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ ਅਤੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਚੋਣ ਪ੍ਰਕਿਰਿਆ 15 ਜੁਲਾਈ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ। ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 14 ਜੂਨ ਨੂੰ ਗਜ਼ਟ ਵਿੱਚ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ ਰੱਖੀ ਗਈ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਛਾਂਟੀ 24 ਜੂਨ ਨੂੰ ਕੀਤੀ ਜਾਵੇਗੀ। ਇਸਦੇ ਨਾਲ ਹੀ 26 ਜੂਨ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।
ਜਿਕਰਯੋਗ ਹੈ ਕਿ 73 ਦਿਨਾਂ ਬਾਅਦ 3 ਜੂਨ ਨੂੰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੇ ਤਿੰਨ ਆਜ਼ਾਦ ਵਿਧਾਇਕਾਂ ਹੁਸ਼ਿਆਰ ਸਿੰਘ, ਆਸ਼ੀਸ਼ ਸ਼ਰਮਾ ਅਤੇ ਕੇਐਲ ਠਾਕੁਰ ਦੇ ਅਸਤੀਫ਼ੇ ਸਵੀਕਾਰ ਕਰ ਲਏ ਸਨ।
4 ਜੂਨ ਨੂੰ ਐਲਾਨੇ ਜ਼ਿਮਨੀ ਚੋਣ (by-election) ਨਤੀਜਿਆਂ ਤੋਂ ਬਾਅਦ ਸੂਬੇ ਦੀ ਚੌਦਵੀਂ ਵਿਧਾਨ ਸਭਾ ‘ਚ ਵਿਧਾਇਕਾਂ ਦੀ ਗਿਣਤੀ 65 ਹੋ ਗਈ ਹੈ। ਇਨ੍ਹਾਂ ਵਿੱਚੋਂ 38 ਵਿਧਾਇਕ ਕਾਂਗਰਸ ਅਤੇ 27 ਭਾਜਪਾ ਦੇ ਹਨ। ਯਾਨੀ ਕਾਂਗਰਸ ਦੇ 6 ਵਿਧਾਇਕਾਂ ਦੇ ਅਯੋਗ ਹੋਣ ਤੋਂ ਬਾਅਦ 6 ਸੀਟਾਂ ਖਾਲੀ ਹੋਈਆਂ ਸਨ, ਜਿਨ੍ਹਾਂ ਦੇ ਨਤੀਜੇ ਆ ਚੁੱਕੇ ਹਨ। ਹੁਣ ਆਜ਼ਾਦ ਉਮੀਦਵਾਰਾਂ ਦੇ ਅਸਤੀਫ਼ਿਆਂ ਕਾਰਨ ਖ਼ਾਲੀ ਹੋਈਆਂ ਤਿੰਨ ਹੋਰ ਸੀਟਾਂ ਲਈ ਜ਼ਿਮਨੀ ਚੋਣ ਕਰਵਾਈ ਜਾਵੇਗੀ।